ਚੰਡੀਗੜ੍ਹ: ਬਰਖ਼ਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਮੁਹਾਲੀ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਮੁਲਜ਼ਮ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਇਹ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸਿੰਗਲਾ ਨੂੰ 24 ਮਈ ਨੂੰ ਸਿਹਤ ਵਿਭਾਗ ਵੱਲੋਂ ਅਲਾਟ ਕੀਤੇ ਠੇਕਿਆਂ ਵਿੱਚ ਕਮਿਸ਼ਨ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 8 ਜੁਲਾਈ ਨੂੰ ਜ਼ਮਾਨਤ ਮਿਲ ਗਈ ਸੀ।
ਇਹ ਕੇਸ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਨਾਲ ਸਬੰਧਤ ਹੈ, ਭਾਵ ਕਿਸੇ ਸਰਕਾਰੀ ਕਰਮਚਾਰੀ ਦੁਆਰਾ ਕਾਨੂੰਨੀ ਮਿਹਨਤਾਨੇ ਤੋਂ ਇਲਾਵਾ ਕੋਈ ਹੋਰ ਰਿਸ਼ਵਤ ਲੈਣਾ, ਜਿਸ ਦੀ ਸਜ਼ਾ ਛੇ ਮਹੀਨੇ ਤੋਂ ਘੱਟ ਨਹੀਂ, ਜੋ ਕਿ ਪੰਜ ਸਾਲ ਤੱਕ ਹੋ ਸਕਦੀ ਹੈ। ਧਾਰਾ 8 ਇੱਕ ਸਖ਼ਤ ਦੋਸ਼ ਹੈ, ਜਿਸ ਵਿੱਚ ਸੱਤ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਵਿਵੇਕ ਸ਼ੀਲ ਸੋਨੀ ਅਨੁਸਾਰ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਪ੍ਰਦੀਪ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਸਿੰਗਲਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।
ਕਰੀਬ 10 ਸਾਲ ਪਹਿਲਾਂ ਵਿਜੇ ਸਿੰਗਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਵਾਰ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਿਜੇ ਸਿੰਗਲਾ ਨੇ ਮਾਨਸਾ ਤੋਂ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ 60 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਦੋਸ਼ਾਂ ਅਨੁਸਾਰ ਵਿਜੇ ਸਿੰਗਲਾ ਨੇ ਠੇਕੇ ਦੀ ਅਲਾਟਮੈਂਟ ਵਿੱਚ ਠੇਕੇਦਾਰ ਤੋਂ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਉਨ੍ਹਾਂ ਵਿਰੁੱਧ ਠੋਸ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ।
ਡਾ: ਵਿਜੇ ਸਿੰਗਲਾ ਪਿਛਲੇ ਲੰਮੇ ਸਮੇਂ ਤੋਂ ਮਾਨਸਾ ਰੋਡ ਸਿਵਲ ਹਸਪਤਾਲ ਨੇੜੇ ਦੰਦਾਂ ਦਾ ਕਲੀਨਿਕ ਚਲਾ ਰਹੇ ਹਨ | ਉਨ੍ਹਾਂ ਦੀ ਪਤਨੀ ਅਨੀਤਾ ਸਿੰਗਲਾ ਵੀ ਬੀਏਐਮਐਸ ਹੈ ਅਤੇ ਬੇਟਾ ਚੇਤਨ ਸਿੰਗਲਾ ਐਮਡੀ ਕਰ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corruption, Dr Vijay Singla, Punjab Police