ਚੰਡੀਗੜ੍ਹ- ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰ ਮਹੀਨੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਸਤੰਬਰ ਮਹੀਨੇ ਤੋਂ ਰਾਜ ਦੇ 51 ਲੱਖ ਘਰਾਂ ਦਾ ਬਿਜਲੀ ਦਾ ਬਿਲ ਜ਼ੀਰੋ ਆਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਨੂੰ ਵੱਡੀ ਗਰੰਟੀ ਨਾਲ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ 600 ਯੂਨਿਟ ਮੁਫਤ ਬਿਜਲੀ ਪ੍ਰਤੀ ਬਿੱਲ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਘਰੇਲੂ ਖਪਤਕਾਰ ਜ਼ੀਰੋ ਬਿੱਲ ਲੈਣ ਦੇ ਯੋਗ ਹੋਣਗੇ ਜੇਕਰ ਉਨ੍ਹਾਂ ਦੀ ਬਿਜਲੀ ਦੀ ਖਪਤ ਪ੍ਰਤੀ ਬਿੱਲ 600 ਯੂਨਿਟ ਤੱਕ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ 1 ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲਾਂ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਦੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਦੀ ਖਪਤ ਲਈ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ ਮਹੀਨੇ ਵਿੱਚ ਇਨ੍ਹਾਂ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਹਿਤੈਸ਼ੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਕਰਨ ਲਈ ਕੋਈ ਰਕਮ ਅਦਾ ਨਹੀਂ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਬਹੁਤ ਸਾਰਾ ਪੈਸਾ ਖਰਚ ਕਰਨਾ ਪੈਂਦਾ ਹੈ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਜੋ ਵੀ ਵਾਅਦਾ ਕਰਦੇ ਹਾਂ, ਅਸੀਂ ਉਸ ਵਾਅਦੇ ਨੂੰ ਪੂਰਾ ਵੀ ਕਰਦੇ ਹਾਂ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਬਹੁਤ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, Electricity Bill, Punjab government