ਸਿਵਲ ਹਸਪਤਾਲ ਬਠਿੰਡਾ ਧਰਨਿਆਂ ਦਾ ਮੈਦਾਨ ਬਣਿਆ ਹੋਇਆ ਹੈ ਜਿੱਥੇ ਲੋਕਾਂ ਨੂੰ ਇਲਾਜ ਦੀ ਬਜਾਏ ਸੰਘਰਸ਼ੀ ਨਾਅਰਿਆਂ ਦੀ ਆਵਾਜ਼ ਸੁਣਨੀ ਪੈ ਰਹੀ ਹੈ। ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਨੇ ਵੱਖਰੇ ਤੌਰ ਤੇ ਸਿਵਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਦੂਜੇ ਪਾਸੇ ਐੱਨ ਐੱਚ ਐੱਮ ਕਰਮਚਾਰੀਆਂ ਵੱਲੋਂ ਪਿੱਛਲੇ 15 ਤਰੀਕ ਤੋਂ ਪੱਕੇ ਰੁਜ਼ਗਾਰ ਲਈ ਧਰਨਾ ਦਿੱਤਾ ਜਾ ਰਿਹਾ ਹੈ, ਅੱਜ ਵੀ ਇਨ੍ਹਾਂ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਪੱਕਾ ਰੁਜ਼ਗਾਰ ਦੇਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ ।
ਰਣਜੀਤ ਕੌਰ, ਕਿਰਨਦੀਪ ਕੌਰ, ਸ਼ਿਵਰਾਜ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਸਾਰੇ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ ਸੀ ਪਰ ਹੁਣ ਮਹਿਜ਼ 36 ਹਜ਼ਾਰ ਕਰਮਚਾਰੀਆਂ ਨੂੰ ਹੀ ਪੱਕਾ ਕੀਤਾ ਜਾ ਰਿਹਾ ਹੈ, ਜਦੋਂ ਕਿ ਉਹ ਪਿਛਲੇ ਦੱਸ ਸਾਲਾਂ ਤੋਂ ਵੱਧ ਸਮੇਂ ਤੋਂ ਸਿਹਤ ਵਿਭਾਗ ਵਿੱਚ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ , ਹੁਣ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ,ਉਹ ਮੰਗ ਕਰਦੇ ਹਨ ਕਿ 10 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਕਰੀਬ 5 ਹਜ਼ਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਾਕੀ ਰਹਿੰਦੇ ਕਰਮਚਾਰੀਆਂ ਨੂੰ ਵੀ ਰੈਗੂਲਰ ਕਰਨ ਦਾ ਪ੍ਰੋਸੈਸ ਤੋਰਿਆ ਜਾਵੇ ਨਹੀਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਰਣਜੀਤ ਕੌਰ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਅੰਮ੍ਰਿਤਸਰ ਸਾਹਿਬ ਅਤੇ ਚੰਡੀਗੜ੍ਹ ਤੇ ਬਠਿੰਡਾ ਵਿੱਚ ਲਗਾਤਾਰ ਮੋਰਚਿਆਂ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਕਾਰਜਕਾਲ ਵਿਚ ਉਨ੍ਹਾਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda