ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਪੰਜਾਬ ਦੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਤੋਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕ ਹੁਣ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ ਸਕੂਲ-ਕਾਲਜ ਦੇ ਅਧਿਆਪਕਾਂ ਦੇ ਸਾਰੇ ਬਕਾਇਆ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਆਪਣੀ ਸਮਰੱਥਾ ਦਿਖਾਉਣ ਲਈ ਭਰਪੂਰ ਮੌਕੇ ਚਾਹੀਦੇ ਹਨ। ਜੇਕਰ ਉਨ੍ਹਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਉਹ ਸਾਡੇ ਦੇਸ਼ ਅਤੇ ਸਾਡੇ ਸਮਾਜ ਲਈ ਆਦਰਸ਼ ਨਾਗਰਿਕ ਬਣ ਸਕਦੇ ਹਨ।
ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਦੋਂ ਤੋਂ ਉਹ ਸੂਬੇ ਲਈ ਇਕ ਤੋਂ ਬਾਅਦ ਇਕ ਫਟਾਫਟ ਐਲਾਨ ਕਰ ਰਹੇ ਹਨ। ਸਭ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਿੱਚ 25 ਹਜ਼ਾਰ ਨੌਕਰੀਆਂ ਲਈ ਅਰਜ਼ੀਆਂ ਲਿਆਉਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਉਸ ਨੇ ਭ੍ਰਿਸ਼ਟਾਚਾਰ ਵਿਰੁੱਧ ਵਟਸਐਪ ਨੰਬਰ ਸ਼ੁਰੂ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੈਂ ਗਾਰੰਟੀ ਦਿੰਦਾ ਹਾਂ ਕਿ ਪੰਜਾਬ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਕੇ ਇਸ ਦੀ ਪੁਰਾਣੀ ਸਾਖ ਨੂੰ ਵਾਪਸ ਲਿਆਵਾਂਗਾ ਤਾਂ ਜੋ ਇਹ ਯੂਨੀਵਰਸਿਟੀ ਉੱਤਰੀ ਭਾਰਤ ਵਿੱਚ ਸਿਰਮੌਰ ਬਣ ਸਕੇ। ਪੰਜਾਬ ਵਿੱਚ ਆਮ ਆਦਮੀ ਪਾਰਟੀ 117 ਵਿੱਚੋਂ 92 ਸੀਟਾਂ ਜਿੱਤ ਕੇ ਸੱਤਾ ਵਿੱਚ ਆਈ ਹੈ। ਭਗਵੰਤ ਮਾਨ ਨੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਉਹ ਲਗਾਤਾਰ ਐਕਸ਼ਨ 'ਚ ਹੈ। ਸਭ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਿੱਚ ਦਿੱਲੀ ਦੀ ਤਰਜ਼ ’ਤੇ ਸਕੂਲ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ 35,000 ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵੀ ਐਲਾਨ ਕੀਤਾ।
ਹਾਲ ਹੀ ਵਿੱਚ, ਉਨ੍ਹਾਂ ਨੇ ਪੰਜਾਬ ਵਿੱਚ ਘਰ-ਘਰ ਰਾਸ਼ਨ ਪਹੁੰਚਾਉਣ ਦਾ ਐਲਾਨ ਵੀ ਕੀਤਾ। ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਲੋਕ ਕਤਾਰਾਂ ਵਿੱਚ ਖੜ੍ਹੇ ਹਨ। ਅੱਜ ਅਸੀਂ ਇਸ ਸਿਸਟਮ ਨੂੰ ਬਦਲਣ ਜਾ ਰਹੇ ਹਾਂ। ਹੁਣ ਸਾਡੀਆਂ ਬਜ਼ੁਰਗ ਮਾਵਾਂ ਨੂੰ ਰਾਸ਼ਨ ਲਈ ਘੰਟਿਆਂਬੱਧੀ ਲਾਈਨ ਵਿੱਚ ਨਹੀਂ ਖੜ੍ਹਨਾ ਪਵੇਗਾ। ਕਿਸੇ ਨੂੰ ਵੀ ਆਪਣੀ ਦਿਹਾੜੀ ਨਹੀਂ ਛੱਡਣੀ ਪਵੇਗੀ। ਅੱਜ ਮੈਂ ਫੈਸਲਾ ਕੀਤਾ ਹੈ ਕਿ ਤੁਹਾਡੀ ਸਰਕਾਰ ਤੁਹਾਡੇ ਘਰ ਰਾਸ਼ਨ ਪਹੁੰਚਾਏਗੀ। ਹਾਲਾਂਕਿ, ਦਿੱਲੀ ਵਿੱਚ ਘਰ-ਘਰ ਰਾਸ਼ਨ ਸਕੀਮ ਲਾਗੂ ਨਹੀਂ ਹੋ ਸਕੀ ਹੈ ਕਿਉਂਕਿ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਇਸਦੀ ਇਜਾਜ਼ਤ ਨਹੀਂ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਦਿੱਲੀ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਫਾਈਲ ਤਿੰਨ ਸਾਲਾਂ ਤੋਂ ਲਟਕੀ ਪਈ ਹੈ, ਪਰ ਪੰਜਾਬ ਵਿੱਚ ਸਾਡੀ ਸਰਕਾਰ ਹੈ, ਅਸੀਂ ਉੱਥੇ ਇਹ ਸਕੀਮ ਲਾਗੂ ਕਰ ਦਿੱਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।