ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ ਪੱਕੇ ਤੌਰ `ਤੇ ਆਪਣੀਆਂ ਟੀਮਾਂ ਤਾਇਨਾਤ ਕਰਨ ਲਈ ਆਖਿਆ ਤਾਂ ਜੋ ਸ਼ੁਰੂਆਤੀ ਪੜਾਅ `ਤੇ ਹੀ ਹਮਲੇ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਨਰਮੇ ਦੀ ਕਾਸ਼ਤ ਵਾਲੇ ਖੇਤਰਾਂ ਵਿੱਚ ਗੁਲਾਬੀ ਸੁੰਡੀ ਦਾ ਫੈਲਾਅ ਨਾ ਹੋਵੇ, ਜਿਸ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਇਹ ਯਕੀਨੀ ਬਣਾਏ ਕਿ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ, ਜਿਸ ਲਈ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਮਾਲਵਾ ਖੇਤਰ ਦਾ ਵੱਡੇ ਪੱਧਰ ਉਤੇ ਦੌਰਾ ਕਰਨਾ ਚਾਹੀਦਾ ਹੈ ਅਤੇ ਹਮਲੇ ਦੀ ਤੀਬਰਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਕਿਸਾਨਾਂ ਨਾਲ ਸਲਾਹ ਕਰਕੇ ਲੋੜੀਂਦੀ ਕਾਰਵਾਈ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸੰਕਟ ਵਿੱਚੋਂ ਕੱਢਣਾ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।