Home /News /punjab /

ਆਮ ਆਦਮੀ ਕਲੀਨਿਕ 'ਚ ਆਮ ਲੋਕਾਂ ਨੂੰ ਮਿਲੇਗਾ ਚੰਗਾ ਤੇ ਮੁਫ਼ਤ ਇਲਾਜ: ਸਿਹਤ ਮੰਤਰੀ

ਆਮ ਆਦਮੀ ਕਲੀਨਿਕ 'ਚ ਆਮ ਲੋਕਾਂ ਨੂੰ ਮਿਲੇਗਾ ਚੰਗਾ ਤੇ ਮੁਫ਼ਤ ਇਲਾਜ: ਸਿਹਤ ਮੰਤਰੀ

(ਫਾਇਲ ਫੋਟੋ)

(ਫਾਇਲ ਫੋਟੋ)

ਆਮ ਆਦਮੀ ਪਾਰਟੀ ਦੀ ਗਾਰੰਟੀ ਅਨੁਸਾਰ ਪੰਜਾਬ ਦੀ ਸਿਹਤ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਦਾ ਅਧਾਰ ਬਣਨਗੇ 'ਆਮ ਆਦਮੀ ਕਲੀਨਿਕ': ਸਿਹਤ ਮੰਤਰੀ ਜੌੜਾਮਾਜਰਾ

 • Share this:
  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਪ੍ਰਣਾਲੀ ਵਿੱਚ ਫ਼ੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨ ਲਈ, ਸੂਬੇ ਭਰ ਵਿੱਚ 15 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਹਰ ਕਿਸੇ ਨੂੰ ਮੁਫ਼ਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ।

  ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇੱਕ ਹੋਰ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 'ਆਮ ਆਦਮੀ ਕਲੀਨਿਕ' ਪੰਜਾਬ ਦੀ ਜਨਤਾ ਨੂੰ ਸੁਪੁਰਦ ਕਰੇਗੀ।

  ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਲੋਕ ਕਿਸੇ ਵੀ ਕਾਰਨਾਂ ਕਰਕੇ ਮੁੱਢਲੀਆਂ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ।

  ਸਿਹਤ ਮੰਤਰੀ ਅਨੁਸਾਰ, "ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਲ ਜਾਵੇਗਾ ਅਤੇ ਉਨ੍ਹਾਂ ਨੂੰ ਦੂਰ ਵੱਡੇ ਹਸਪਤਾਲਾਂ ਵਿੱਚ ਸਿਰਫ ਉਦੋਂ ਹੀ ਜਾਣਾ ਪਵੇਗਾ ਜਦੋਂ ਕੋਈ ਵੱਡੀ ਸਰਜਰੀ ਹੋਵੇਗੀ। ਸਿੱਟੇ ਵਜੋਂ ਇਹ ਕਲੀਨਿਕਾਂ ਨਾਲ ਵੱਡੇ ਸਰਕਾਰੀ ਹਸਪਤਾਲਾਂ 'ਤੇ ਬੋਝ ਘਟੇਗਾ।"

  ਵਿਰੋਧੀ ਧਿਰ ਦੇ ਹਮਲਿਆਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਆਪਣੇ ਬੇਬੁਨਿਆਦ ਦੋਸ਼ਾਂ ਨਾਲ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਸਿਹਤ ਪ੍ਰਣਾਲੀ ਦੀ ਕਾਇਆ ਕਲਪ ਕਰਨ ਅਤੇ ਭ੍ਰਿਸ਼ਟ ਨੀਤੀਆਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

  ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਸਿਰਫ਼ ਸਫੇਦੀ ਨਹੀਂ ਕੀਤੀ ਜਾ ਰਹੀ, ਸਗੋਂ 'ਆਪ' ਸਰਕਾਰ ਵੱਲੋਂ ਆਮ ਬਿਮਾਰੀਆਂ ਦੇ ਇਲਾਜ, ਸੱਟਾਂ ਲਈ ਮੁਢਲੀ ਸਹਾਇਤਾ ਅਤੇ ਮਾਮੂਲੀ ਜ਼ਖ਼ਮਾਂ ਦੀ ਡ੍ਰੈਸਿੰਗ ਲਈ ਦੇਖਭਾਲ ਆਦਿ ਮਾਹਰ ਡਾਕਟਰ ਵੱਲੋਂ ਲੋਕਾਂ ਦੇ ਦਰਵਾਜ਼ੇ 'ਤੇ ਮੁਹੱਈਆ ਕਰਵਾਈ ਜਾਵੇਗੀ। ਜਿੱਥੇ ਪਹਿਲਾਂ ਲੋਕਾਂ ਨੂੰ ਮੁੱਢਲਾ ਇਲਾਜ ਕਰਵਾਉਣ ਲਈ ਵੀ ਮੀਲਾਂ ਦਾ ਸਫ਼ਰ ਤੈਅ ਕਰਨਾ ਪੈਂਦਾ ਸੀ।

  ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਫਾਲੋ-ਅੱਪ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਨ੍ਹਾਂ ਕਲੀਨਿਕਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਮੁਫ਼ਤ ਉਪਲਬਧ ਕਰਵਾਏ ਜਾਣਗੇ।
  Published by:Gurwinder Singh
  First published:

  Tags: Aam Aadmi Party, Chetan Singh Jaudamajra

  ਅਗਲੀ ਖਬਰ