ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਬਠਿੰਡਾ ਦੌਰਾ ਮੁੜ ਵਿਵਾਦਾਂ ਭਰਿਆ ਰਿਹਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਖਜ਼ਾਨਾ ਮੰਤਰੀ ਦੇ ਪ੍ਰੋਗਰਾਮ ਦਾ ਡਟਵਾਂ ਵਿਰੋਧ ਕੀਤਾ ਗਿਆ। ਇਸ ਮੌਕੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪੁਲੀਸ ਨੇ ਆਪਣੀ ਤਾਕਤ ਦੀ ਵਰਤੋਂ ਕੀਤੀ ਅਤੇ ਠੇਕਾ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ ,ਵਰਿੰਦਰ ਸਿੰਘ ਬੀਬੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਦਾਅਵੇ ਕਰਦੀ ਹੈ ਜਦੋਂ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮ ਪੱਕੇ ਰੁਜ਼ਗਾਰ ਦੀ ਮੰਗ ਲਈ ਨਿੱਤ ਸੜਕਾਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਫਿਰ ਉਨ੍ਹਾਂ ਨੂੰ ਪੱਕਾ ਕਿਉਂ ਨਹੀਂ ਕੀਤਾ ਜਾਂਦਾ? ਕੀ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਕਾਮੇ ਸਰਕਾਰ ਦੇ ਮੁਲਾਜ਼ਮ ਨਹੀਂ ਜਿਨ੍ਹਾਂ ਨੂੰ ਠੇਕਾ ਅਧਾਰਤ ਤਨਖਾਹਾਂ ਮਿਲਦੀਆਂ ਹਨ? ਉਨ੍ਹਾਂ ਕਿਹਾ ਕਿ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਸਭ ਤੋਂ ਵੱਡਾ ਅੜਿੱਕਾ ਹਨ ਦਾ ਵਿਰੋਧ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਖਜ਼ਾਨਾ ਮੰਤਰੀ ਦਾ ਬਠਿੰਡਾ ਆਉਣ ਤੇ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਜਾਂਦਾ ਰਿਹਾ ਤੇ ਅੱਜ ਦੇ ਪ੍ਰੋਗਰਾਮ ਕਾਰਨ ਮਾਹੌਲ ਕਈ ਥਾਂਈਂ ਤਣਾਅ ਪੂਰਨ ਬਣਿਆ ਰਿਹਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Manpreet Badal, Punjab Congress