ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਿਟੀ ਅਤੇ ਕਾਲਜਾਂ ਦੇ ਇਮਤਿਹਾਨਾਂ ਬਾਰੇ ਫੈਸਲਾ 30 ਜੂਨ ਤੋਂ ਬਾਅਦ ਕਰੇਗੀ ਜਦੋਂ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਸ਼ਾਮ ਨੂੰ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਸਪੱਸ਼ਟ ਕੀਤੀ।
ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਗਾਤਾਰ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਸਮੱਸਿਆ ਦੇ ਮੱਦੇਨਜ਼ਰ ਇਮਤਿਹਾਨ ਨਾ ਲੈਣ, ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਨ ਤੋਂ ਲੈ ਕੇ ਇਮਤਿਹਾਨਾਂ ਬਾਰੇ ਅਤੇ ਕਾਲਜ-ਯੂਨੀਵਰਸਟੀਆਂ ਖੋਲ੍ਹਣ ਬਾਰੇ ਦੁਬਾਰਾ ਸੋਚ-ਵਿਚਾਰ ਦੀ ਮੰਗ ਕੀਤੀ ਜਾ ਰਹੀ ਸੀ।
ਪ੍ਰੀਖਿਆਵਾਂ ਦੇ ਮਾਮਲੇ ਵਿੱਚ ਪੁੱਛੇ ਗਏ ਕਈ ਸਵਾਲਾਂ ਖਾਸ ਕਰਕੇ ਬਹੁਤੇ ਵਿਦਿਆਰਥੀਆਂ ਵੱਲੋਂ ਕੋਵਿਡ ਦੇ ਅਣਕਿਆਸੇ ਸੰਕਟ ਦੇ ਮੱਦੇਨਜ਼ਰ ਇਸ ਸਾਲ ਬਿਨਾਂ ਇਮਤਿਹਾਨ ਤੋਂ ਅਗਲੀ ਕਲਾਸ ਵਿੱਚ ਪ੍ਰਮੋਟ ਕਰਨ ਦੀ ਬੇਨਤੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਲੈਣ ਸੂਬਾ ਸਰਕਾਰ ਦੇ ਹੱਥ ਵਿੱਚ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜ ਸਿੱਧੇ ਜਾਂ ਅਸਿੱਧੇ ਤੌਰ 'ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਜੀ.ਸੀ.) ਨਾਲ ਜੁੜੇ ਹਨ ਜਿਹੜੀ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀ ਅਧਿਕਾਰਤ ਸੰਸਥਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਿਸਟਮ ਦਾ ਸੰਚਾਲਨ ਯੂ.ਜੀ.ਸੀ. ਦੇ ਦਿਸ਼ਾਂ ਨਿਰਦੇਸ਼ਾਂ 'ਤੇ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯੂ.ਜੀ.ਸੀ. ਵੱਲੋਂ ਪ੍ਰੀਖਿਆਵਾਂ ਕਰਵਾਉਣ ਬਾਰੇ ਨਵੀਆਂ ਹਦਾਇਤਾਂ 1 ਜੁਲਾਈ 2020 ਨੂੰ ਜਾਰੀ ਕਰਨ ਦੀ ਸੰਭਾਵਨਾ ਹੈ ਜਿਸ ਬਾਰੇ ਕੇਂਦਰ ਸਰਕਾਰ ਵੱਲੋਂ 30 ਜੂਨ ਨੂੰ ਲੌਕਡਾਊਨ 5.0/ਅਨਲੌਕ 1.0 ਦੇ ਖਤਮ ਹੋਣ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ।
ਕੁੱਝ ਸੂਬਿਆਂ ਵਿੱਚ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਆਪਣੇ ਪੱਧਰ 'ਤੇ ਲੈਣ ਦੇ ਫੈਸਲੇ ਵੱਲ ਧਿਆਨ ਦਿਵਾਉਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਹੈ ਕਿਉਂਕਿ ਪੂਰੇ ਦੇਸ਼ ਵਿੱਚ ਇਹ ਫੈਸਲਾ ਕੇਂਦਰ ਸਰਕਾਰ ਹੀ ਇਕੱਲੀ ਲੈ ਸਕਦੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਾਲਜ ਖੋਲ੍ਹੇ ਜਾਣ ਬਾਰੇ ਫੈਸਲੇ ਦਾ ਐਲਾਨ 1 ਜੁਲਾਈ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Facebook, School