ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਥੋੜ੍ਹੀ ਰਾਹਤ ਮਿਲਣ ਤੋਂ ਬਾਅਦ ਉੱਤਰੀ, ਮੱਧ ਅਤੇ ਉੱਤਰ-ਪੱਛਮੀ ਭਾਰਤ 'ਚ ਇਕ ਵਾਰ ਫਿਰ ਠੰਢ ਦਾ ਕਹਿਰ ਜਾਰੀ ਹੈ। ਪਿਛਲੇ ਦੋ ਦਿਨਾਂ ਤੋਂ ਮੌਸਮ ਨੇ ਕਰਵਟ ਲਿਆ ਹੈ।
ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਉੱਤਰੀ ਭਾਰਤ ਵਿੱਚ ਤਾਪਮਾਨ ਨੂੰ ਹੇਠਾਂ ਲਿਆ ਰਹੀਆਂ ਹਨ। ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਫਿਰ ਠੰਢ ਦੀ ਲਪੇਟ ਵਿੱਚ ਆ ਗਏ ਹਨ। ਮੈਦਾਨੀ ਇਲਾਕਿਆਂ ਵਿੱਚ ਵੀ ਧੁੰਦ ਛਾਈ ਹੋਈ ਹੈ।
ਮੌਸਮ ਵਿਭਾਗ (IMD) ਦੇ ਅਨੁਸਾਰ, 15 ਤੋਂ 18 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਦੀਆਂ ਸਥਿਤੀਆਂ ਦੇ ਇੱਕ ਨਵੇਂ ਦੌਰ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਵਿਚਾਲੇ ਪਿਛਲੇ 24 ਘੰਟਿਆਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼/ਬਰਫ਼ਬਾਰੀ ਹੋਈ। ਇਸੇ ਸਮੇਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਕੁਝ ਥਾਵਾਂ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਸਿੱਕਮ, ਅਸਾਮ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਵੈਸਟਰਨ ਡਿਸਟਰਬੈਂਸ ਪੂਰਬ ਵੱਲ ਵਧਿਆ ਹੈ। ਪ੍ਰੇਰਿਤ ਚੱਕਰਵਾਤੀ ਸਰਕੂਲੇਸ਼ਨ ਰਾਜਸਥਾਨ ਦੇ ਉੱਤਰੀ ਹਿੱਸਿਆਂ ਵਿੱਚ ਹੈ।
ਉੱਤਰੀ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਧੁੰਦ ਤੇ ਸੀਤ ਲਹਿਰ ਬਣੀ ਰਹੇਗੀ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ 3 ਦਿਨਾਂ ਦੌਰਾਨ ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 4-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਏਜੰਸੀ ਨੇ ਕਿਹਾ, 15-18 ਜਨਵਰੀ ਦੇ ਵਿਚਕਾਰ 16 ਅਤੇ 17 ਜਨਵਰੀ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਅਗਲੇ 5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।