ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਆਪ ਨੇ ਭਾਵੇਂ ਲੋਕ ਫਤਵੇ ਨੂੰ ਸਿਰ ਮੱਥੇ ਲਾ ਲਿਆ ਹੈ ਪਰ ਸਿਆਸੀ ਵਿਰੋਧੀ ਇਸ ਹਾਰ ਉਤੇ ਲਗਾਤਾਰ ਤੰਜ ਕੱਸ ਰਹੇ ਹਨ। ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਬੰਧੀ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਿੱਚ ਦਿੱਲੀ ਦੀ ਦਖ਼ਲਅੰਦਾਜ਼ੀ ਨੂੰ ਹਰਾਇਆ ਹੈ।
ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਮਾਮਲਿਆਂ ਵਿੱਚ ਰਾਘਵ ਚੱਢਾ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਰੜਕ ਰਹੀ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਮਗਰੋਂ ਹੁਣ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਕ ਵੀ ਮੈਂਬਰ ਨਹੀਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ‘ਆਪ’ ਦੋ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਵਿੱਚੋਂ ਬੁਰੀ ਤਰ੍ਹਾਂ ਹਾਰੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਟਵੀਟ ਕੀਤਾ ਤੇ ਲਿਖਿਆ-ਰਾਘਵ ਚੱਢੇ ਨੂੰ ਕਦੇ ਸਮਝ ਹੀ ਨਹੀਂ ਆ ਸਕਦਾ ਕਿ 50,000 ਵੋਟਾਂ ਤਾਂ ਭਗਵੰਤ ਮਾਨ ਦੇ ਖਿੜਕੀ ਨਾਲ ਲਮਕਣ ਵਾਲੇ ਦਿਨ ਹੀ ਉੱਡ ਗਈਆਂ ਸਨ।
ਉਧਰ, ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਲੋਕ ਫਤਵੇ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਦੇ ਰਹਿਣ ਦਾ ਅਹਿਦ ਲਿਆ ਹੈ। ਭਗਵੰਤ ਮਾਨ ਨੇ ਟਵੀਟ ਕੀਤਾ, ‘‘ਸੰਗਰੂਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ.. ਮੈਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਦਾ ਰਹਾਂਗਾ। ਮੈਂ ਤੁਹਾਡਾ ਪੁੱਤ ਹਾਂ ਅਤੇ ਤੁਹਾਡੇ ਪਰਿਵਾਰਾਂ ਦਾ ਭਵਿੱਖ ਰੋਸ਼ਨ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗਾ।’’
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Bhagwant Mann, Sangrur, Sangrur bypoll, Simranjit Singh Mann