Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਲਈ ਬਠਿੰਡਾ (Bathinda Kisan Mela) ਪਹੁੰਚੇ। ਇਸ ਮੌਕੇ ਸੰਧਵਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੀਕਰ (Speaker) ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ (Death duo to Drug Overdose) ਤੇ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਨਸ਼ਿਆਂ ਦਾ ਮੁੱਦਾ ਗੰਭੀਰ ਹੈ ਜਿਸ ਤੇ ਪੰਜਾਬੀਆਂ ਦੇ ਸਹਿਯੋਗ ਨਾਲ ਸਖ਼ਤ ਕਦਮਾਂ ਨਾਲ ਲੜਾਈ ਲੜਨੀ ਪਵੇਗੀ। ਉਨ੍ਹਾਂ ਕਿਹਾ ਕਿ 6 ਮਹੀਨਿਆਂ ਵਿਚ ਨਸ਼ਾ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਇਸ ਗੰਭੀਰ ਬਿਮਾਰੀ ਦਾ ਖਾਤਮਾ ਕੀਤਾ ਜਾਵੇਗਾ, ਜਿਸ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਅੱਜ ਲੰਬੀ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਕੀਤੇ ਸਵਾਲ ਸਬੰਧੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸੰਬੰਧੀ ਪੂਰੀ ਜਾਣਕਾਰੀ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰਿਪੋਰਟ ਦੇਣਗੇ ਤਾਂ ਜੋ ਕਿਸਾਨਾਂ ਦਾ ਮਸਲਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵੇਲੇ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ ਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਢਲਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕਰਨਾ ਇਤਿਹਾਸਕ ਫ਼ੈਸਲਾ ਹੈ ਜਿਸ ਨਾਲ ਕਰੱਪਸ਼ਨ ਕਰਨ ਵਾਲੇ ਮੁਲਾਜ਼ਮਾਂ ਅਤੇ ਅਫ਼ਸਰਾਂ ਵਿੱਚ ਭਗਦੜ ਮੱਚੀ ਹੈ ਤੇ ਇਸ ਨਾਲ ਲੋਕਾਂ ਦੇ ਕੰਮ ਹੁਣ ਆਸਾਨੀ ਨਾਲ ਹੋਣੇ ਵੀ ਸ਼ੁਰੂ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਸਪੀਕਰ ਦਾ ਕੰਮ ਸਰਕਾਰ ਅਤੇ ਲੋਕਾਂ ਦੇ ਵਿੱਚ ਇੱਕ ਪੁਲ ਦਾ ਕੰਮ ਹੈ ਜਿਸ ਲਈ ਉਹ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਬਣਦਾ ਫ਼ਰਜ਼ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਹਿੱਤ ਵਿੱਚ ਉੱਠਦੀ ਹਰ ਅਵਾਜ਼ ਤੇ ਉਸਾਰੂ ਬਹਿਸ ਲਈ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਹਰ ਸਮੱਸਿਆ ਦਾ ਹੱਲ ਹੋ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP, AAP Punjab, Bathinda, Drug, Drug deaths in Punjab, Kultar Singh Sandhwan, Punjab government