ਮਨੋਜ ਸ਼ਰਮਾ
ਪਟਿਆਲਾ ਵਿਚ ਅੱਜ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਦੀ ਤਰਫੋਂ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਅਨਾਜ ਮੰਡੀ ਪਟਿਆਲਾ ਵਿੱਚ ਕੀਤਾ ਗਿਆ ਜਿਸ ਵਿਚ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂਟੀ ਤੋਂ ਆਏ ਵੱਖ-ਵੱਖ ਇੰਜੀਨੀਅਰਾਂ ਦੇ ਸੰਗਠਨਾਂ ਨੇ ਹਿੱਸਾ ਲਿਆ।
ਇਸ ਮੌਕੇ ਇੰਜੀਨੀਅਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਛੇਵੇਂ ਪੇ ਕਮਿਸ਼ਨ ਦੇ ਨਾਲ ਅਸੀਂ ਬਿਲਕੁਲ ਵੀ ਸਹਿਮਤ ਨਹੀਂ ਹਾਂ ਕਿਉਂਕਿ ਇਸ ਵਿੱਚ ਇੰਜੀਨੀਅਰਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਇਸੇ ਨੂੰ ਲੈ ਕੇ ਅਸੀਂ ਅੱਜ ਇੱਥੇ ਇੱਕ ਵੱਡਾ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਏ ਹਾਂ।
ਉਨ੍ਹਾਂ ਨੇ ਕਿਹਾ ਕਿ ਡਿਪਲੋਮਾ ਇੰਜੀਨੀਅਰ ਅਤੇ ਬਿਜਲੀ ਵਿਭਾਗ ਵਿਚ ਕੰਮ ਕਰਨ ਵਾਲੇ ਜੇਈ ਅਤੇ ਹੋਰ ਇੰਜੀਨੀਅਰ ਭਾਰੀ ਮੁਸ਼ਕਲਾਂ ਵਿੱਚੋਂ ਲੰਘ ਰਹੇ ਹਨ। ਸਰਕਾਰ ਨੇ ਉਨ੍ਹਾਂ ਦਾ ਪੈਟਰੋਲ ਖਰਚਾ ਵੀ ਬੰਦ ਕਰ ਦਿੱਤਾ ਹੈ ਅਤੇ ਉੱਚ ਅਫ਼ਸਰਾਂ ਨੂੰ ਸਹੂਲਤਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ ਜੋ ਕਿ ਦਿਨ ਰਾਤ ਲੋਕਾਂ ਦੀ ਸੇਵਾ ਲਈ ਮੀਂਹ ਹਨ੍ਹੇਰੀ ਗਰਮੀ ਦੇ ਵਿੱਚ ਕੰਮ ਕਰਦੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਛੇਵੇਂ ਪੇ ਕਮਿਸ਼ਨ ਵੱਲੋਂ ਜੋ ਸਾਡੇ ਨਾਲ ਵਿਤਕਰਾ ਕੀਤਾ ਗਿਆ ਹੈ, ਉਸੇ ਨਾਲ ਇੰਜੀਨੀਅਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਜੇਈ ਇਸ ਦੀ ਉਦਾਹਰਨ ਹਨ ਜਿਹੜੇ ਦਿਨ ਰਾਤ ਕੰਮ ਕਰਦੇ ਹਨ ਪਰ ਉਨ੍ਹਾਂ ਨੂੰ ਬਣਦਾ ਸਥਾਨ ਨਹੀਂ ਮਿਲ ਰਿਹਾ ਜਦਕਿ ਉਨ੍ਹਾਂ ਨੂੰ ਤਿੰਨ ਪੁਆਇੰਟ ਜ਼ੀਰੋ ਦਸ ਟੇਲ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਸਕੇਲ ਡਾਕਟਰਾਂ ਦੇ ਬਰਾਬਰ ਰੱਖਿਆ ਜਾਣਾ ਚਾਹੀਦਾ ਹੈ ਤਾਂ ਹੀ ਇਹ ਭਰੋਸਾ ਹੋਵੇਗਾ ਕਿ ਸਰਕਾਰ ਸਾਡੇ ਲਈ ਕੁਝ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਇੰਜੀਨੀਅਰਾਂ ਦੀਆਂ ਪੋਸਟਾਂ ਨਹੀਂ ਭਰ ਰਹੀ, ਜਿਸ ਕਾਰਨ ਸਾਰਾ ਬੋਝ ਪਹਿਲਾਂ ਤੋਂ ਹੀ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਉੱਪਰ ਪੈ ਗਿਆ ਹੈ ਤੇ ਇਸ ਨਾਲ ਉਨ੍ਹਾਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਵੀ ਹੋ ਰਿਹਾ ਹੈ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੀ ਸਰਕਾਰ ਨੇ ਸਾਡੀਆਂ ਮੰਗਾਂ ਦੇ ਉੱਪਰ ਧਿਆਨ ਨਹੀਂ ਦਿੱਤਾ ਤਾਂ ਸਿਰਫ ਪੰਜਾਬ ਹੀ ਨਹੀਂ ਬਲਕਿ ਦੂਜੇ ਸਟੇਟ ਦੇ ਇੰਜੀਨੀਅਰ ਅਤੇ ਹੋਰ ਮੁਲਾਜ਼ਮ ਪੂਰੇ ਪੰਜਾਬ ਵਿੱਚ ਬਹੁਤ ਵੱਡਾ ਪ੍ਰਦਰਸ਼ਨ ਕਰਨਗੇ, ਜਿਸ ਲਈ ਜ਼ਿੰਮੇਵਾਰ ਪੰਜਾਬ ਦੀ ਸਰਕਾਰ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agitation, Punjab government