ਫਰੀਦਕੋਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਹਮਲਾਵਰਾਂ ਨੇ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ਉੱਤੇ ਸਵਾਰ 5 ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਸ ਦੌਰਾਨ ਕਈ ਗੋਲੀਆਂ ਲੱਗਣ ਕਾਰਨ ਪ੍ਰਦੀਪ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਗੋਲੀਬਾਰੀ ਵਿੱਚ ਉਸ ਦੇ ਗੰਨਮੈਨ ਅਤੇ ਇੱਕ ਹੋਰ ਦੁਕਾਨਦਾਰ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉੱਧਰ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਜਿਸ ਵੇਲੇ ਇਹ ਹਮਲਾ ਕੀਤਾ ਤਾਂ ਇਸ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ । ਪੁਲਿਸ ਦੇ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਮੁਤਾਬਕ ਪ੍ਰਦੀਪ ਸਿੰਘ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਰੈਕੀ ਕੀਤੀ ਗਈ ਸੀ । ਸਵੇਰ ਵੇਲੇ ਸੜਕਾਂ ਖਾਲੀ ਹੋਣ ਅਤੇ ਆਸੇ-ਪਾਸੇ ਲੋਕ ਘੱਟ ਹੋਣ ਕਾਰਨ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਹ ਸਮਾਂ ਚੁਣਿਆ।
ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ (ਨਿਊਜ਼ 18 ਇਸ ਦੀ ਪੁਸ਼ਟੀ ਨਹੀਂ ਕਰਦਾ)
ਗੋਲਡੀ ਬਰਾੜ ਦੇ ਨਾਂ 'ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ 'ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ, ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ...
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ਾਤੀ ਬਣਾਏ ਰੱਖਣ ਦੀ ਕੀਤੀ ਅਪੀਲ
ਡੇਰਾ ਪ੍ਰੇਮੀ ਦੇ ਕਤਲ ਤੋਂ ਬਾਆਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।
ਤੁਹਾਨੂੰ ਦਸ ਦਈਏ ਕਿ 25 ਸਤੰਬਰ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਗਏ ਸਨ, ਜਿਨ੍ਹਾਂ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਕਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਵਿੱਤਰ ਗ੍ਰੰਥ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਮਾਮਲੇ ਵਿੱਚ ਡੇਰਾ ਪ੍ਰੇਮੀਆਂ 'ਤੇ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਸਨ।ਇਸ ਤੋਂ ਬਾਅਦ ਮਈ 2021 ਵਿੱਚ ਪੰਜਾਬ ਪੁਲਿਸ ਨੇ ਗੁਰੂ ਗ੍ਰੰਥ ਸਾਹਿਬ ਦੀ ਇਸ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਵੱਲੋਂ ਫਰਵਰੀ 2021 ਤੱਕ ਇਸ ਮਾਮਲੇ ਦੀ ਜਾਂਚ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲਾ ਮੁੜ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਪ੍ਰਦੀਪ ਸਿੰਘ ਵਾਸੀ ਕੋਟਕਪੂਰਾ ਤੋਂ ਇਲਾਵਾ ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਵਾਸੀ ਫਰੀਦਕੋਟ ਅਤੇ ਇੱਕ ਹੋਰ ਡੇਰਾ ਪ੍ਰੇਮੀ ਸੁਖਵਿੰਦਰ ਸਿੰਘ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ।ਜਿਸ ਤੋਂ ਬਾਅਦ ਅੱਜ ਅਣਪਛਾਤੇ ਹਮਲਾਵਰਾਂ ਨੇ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Case, CCTV, Dera, Dera Sacha Sauda, Goldy brar, Kotkapura firing, Police