ਬਠਿੰਡਾ- ਗੁਲਾਬੀ ਸੁੰਡੀ ਅਤੇ ਮੀਂਹ ਨਾਲ ਨਰਮੇ ਤੇ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ, ਜਿਸ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੌਰਾ ਕਰਕੇ ਮੁਆਵਜ਼ਾ ਵੀ ਜਾਰੀ ਕੀਤਾ ਗਿਆ ਅਤੇ ਮੁੱਖ ਮੰਤਰੀ ਵੱਲੋਂ ਇਹ ਵੀ ਸਾਫ ਕਰ ਦਿੱਤਾ ਹੈ ਕਿ ਮੁਆਵਜ਼ਾ ਜ਼ਿਲ੍ਹਾ ਅਫ਼ਸਰਾਂ ਦੇ ਖਾਤਿਆਂ ਵਿਚ ਜਾਰੀ ਕਰ ਦਿੱਤਾ ਗਿਆ ਹੈ, ਪਰ ਹਾਲੇ ਤਕ ਕਿਸਾਨਾਂ ਨੂੰ ਉਹ ਮੁਆਵਜ਼ੇ ਦੀ ਰਾਸ਼ੀ ਨਹੀਂ ਵੰਡੀ ਗਈ, ਜਿਸ ਕਰਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਅੱਜ ਇਹ ਮਾਮਲਾ ਡੀ ਸੀ ਦੇ ਦਰਬਾਰ ਪਹੁੰਚ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਹਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੰਦਿਆਂ ਮੁਆਵਜ਼ੇ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ।ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਹੋ ਚੁੱਕਿਆ ਹੈ ਤੇ ਮੁੱਖ ਮੰਤਰੀ ਵੱਲੋਂ ਰਾਸ਼ੀ ਜਾਰੀ ਵੀ ਕਰ ਦਿੱਤੀ ਹੈ ,ਪਰ ਅਫ਼ਸਰਾਂ ਵੱਲੋਂ ਰਾਸ਼ੀ ਕਿਸਾਨਾਂ ਨੂੰ ਨਹੀਂ ਵੰਡੀ ਗਈ, ਜਿਸ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਅੱਜ ਅਫ਼ਸਰਾਂ ਨੂੰ ਬੇਨਤੀ ਕੀਤੀ ਹੈ ਕਿ ਮੁਆਵਜ਼ੇ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ,ਜੇਕਰ ਕਿਸਾਨਾਂ ਨੂੰ ਫ਼ਸਲ ਦੇ ਹੋਏ ਨੁਕਸਾਨ ਅਤੇ ਮਜ਼ਦੂਰਾਂ ਦੀ ਦਿਹਾੜੀ ਦੇ ਹੋਏ ਨੁਕਸਾਨ ਲਈ ਬਣਦਾ ਮੁਆਵਜ਼ਾ ਤੁਰੰਤ ਜਾਰੀ ਨਾ ਕੀਤਾ ਤਾਂ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ । ਇਸ ਮੌਕੇ ਉਨ੍ਹਾਂ ਦੇ ਨਾਲ ਬਲਤੇਜ ਸਿੰਘ ਮੀਤ ਪ੍ਰਧਾਨ ਇਕਾਈ ਪਿੰਡ ਪੂਹਲੀ, ਗੁਰਦੀਪ ਸਿੰਘ ਪ੍ਰੈੱਸ ਸਕੱਤਰ ਪਿੰਡ ਪੂਹਲੀ, ਮਨਜੀਤ ਸਿੰਘ, ਲਖਵਿੰਦਰ ਸਿੰਘ ਪੂਹਲੀ ਆਦਿ ਵੀ ਹਾਜ਼ਰ ਸਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda