Rajiv Kumar
ਅੰਮ੍ਰਿਤਸਰ- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਉਹ ਧਰਨਾ ਪਿਛਲੇ 169 ਦਿਨਾਂ ਤੋਂ ਚੱਲ ਰਿਹਾ ਸੀ ਜਿਸਨੂੰ ਅੱਜ ਖਤਮ ਕਰ ਦਿੱਤਾ ਜਾਵੇਗਾ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਨ ਸਿੰਘ ਪੰਧੇਰ ਨੇ ਮੀਡੀਆ ਨੂੰ ਇੱਕ ਵੀਡੀਓ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਕਿ ਕਣਕ ਦੀ ਪੱਕੀ ਫ਼ਸਲ ਦੀ ਕਟਾਈ ਅਤੇ ਝੋਨੇ ਦੇ ਬਿਜਾਈ ਤੱਕ ਕਿਸਾਨਾਂ ਨੂੰ ਟਰੈਕਟਰਾਂ ਦੀ ਜ਼ਰੂਰਤ ਹੈ ਜਿਸ ਕਰਕੇ ਝੋਨੇ ਦੀ ਬਿਜਾਈ ਤੱਕ ਇਸ ਧਰਨੇ ਨੂੰ ਵਾਪਿਸ ਲੈਣ ਦਾ ਫ਼ੈਸਲਾ ਸੂਬਾ ਕਮੇਟੀ ਵੱਲੋਂ ਲਿਆ ਗਿਆ ਹੈ।
ਦਰਅਸਲ ਇਸ ਧਰਨੇ ਦੀ ਸ਼ੁਰੂਵਾਤ ਦੇਵੀਦਾਸਪੁਰਾ ਪਿੰਡ ਦੇ ਰੇਲਵੇ ਟਰੈਕ ਤੋਂ ਹੋਈ ਸੀ।ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਵਾਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਸਰਦੀ ਦਾ ਮੌਸਮ ਹੋਣ ਕਰਕੇ ਇਸ ਨੂੰ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਤੇ ਸ਼ਿਫਟ ਕਰ ਦਿੱਤਾ ਗਿਆ ਸੀ। ਇਸਤੋਂ ਬਾਅਦ ਕਿਸਾਨਾਂ ਨੇ ਭਾਵੇਂ ਰੇਲ ਟਰੈਕ ਤਾਂ ਖਾਲੀ ਕਰ ਦਿੱਤਾ ਸੀ ਪਰ ਧਰਨਾ ਰੇਲਵੇ ਟਰੈਕ ਦੇ ਬੁਲਕੁਲ ਨਾਲ ਲੱਗਦੀ ਇੱਕ ਗਰਾਉਂਡ ਵਿੱਚ ਲਗਾਤਾਰ ਜਾਰੀ ਸੀ। ਪਿਛਲੇ 169 ਦਿਨਾਂ ਤੋਂ ਨਿਰੰਤਰ ਚੱਲ ਰਹੇ ਇਸ ਧਰਨੇ ਨੂੰ ਅੱਜ ਸ਼ਾਮ ਤੱਕ ਖਤਮ ਕਰ ਦਿੱਤਾ ਜਾਵੇਗਾ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਕੁੰਡਲੀ ਬਾਰਡਰ ਤੇ ਚੱਲ ਰਿਹਾ ਮੋਰਚਾ ਪਹਿਲਾਂ ਵਾਂਗ ਹੀ ਜਾਰੀ ਰਹੇਗਾ।ਮੋਰਚੇ ਵਿੱਚ ਲੋਕ ਪਹਿਲਾਂ ਵਾਂਗ ਹਿੱਸਾ ਲੈ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਜੇਕਰ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਤੋਂ ਬਾਅਦ ਕਿਸੇ ਵੇਲੇ ਵੀ ਕਿਸਾਨ ਜੱਥੇਬੰਦੀ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।