ਅੰਮ੍ਰਿਤਸਰ- ਪਿਛਲੇ 5 ਦਿਨਾਂ ਤੋਂ ਕਿਸਾਨੀ ਮੰਗਾਂ ਲਈ ਪੰਜਾਬ ਦੇ ਰੇਲਵੇ ਟਰੈਕਾਂ ਤੇ ਡਟੇ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਅੱਜ ਦੇਵੀਦਾਸਪੁਰ ਰੇਲ ਟਰੈਕ ਅੰਮ੍ਰਿਤਸਰ ਵਿਖੇ ਟਰੈਕ ਉੱਤੇ ਟਰੈਕਟਰ ਚੜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਿਸਾਨਾਂ ਮਜਦੂਰਾਂ ਦੀ ਸਮੁੱਚਾ ਕਰਜ਼ਾ ਮੁਆਫੀ ਦੀ ਮੰਗ ਕੀਤੀ।
ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਪੰਜਾਬ ਵਿੱਚ ਕਿਸਾਨਾਂ ਮਜਦੂਰਾਂ ਦੇ ਮਸਲੇ ਰੋਲਣ ਲਈ ਚੋਣਾਂ ਤੋਂ ਪਹਿਲਾਂ ਬੰਬ ਧਮਾਕੇ ਅਤੇ ਬੇਅਦਬੀ ਵਰਗੀਆਂ ਘਟਨਾਵਾਂ ਕਰਵਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਅੰਨਦਾਤੇ ਨੂੰ ਰੇਲਾਂ ਉੱਤੇ ਰੁਲਣ ਲਈ ਛੱਡ ਦਿੱਤਾ ਗਿਆ ਹੈ।ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਮੁਸਫਰਾਂ ਦੀ ਹੋ ਰਹੀ ਖੱਜਲ ਖ਼ੁਆਰੀ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ, ਪਰ ਸਰਕਾਰ ਆਪਣੀ ਨਾਕਾਮੀ ਦਾ ਠੀਕਰਾ ਕਿਸਾਨਾਂ ਮਜਦੂਰਾਂ ਸਿਰ ਭੰਨ ਰਹੀ ਹੈ।ਆਗੂਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਫਿਰ ਤੋ ਸਿਰਫ ਭਰੋਸਿਆਂ ਦੀ ਝੜੀ ਹੀ ਲਗਾਈ ਗਈ ਹੈ,ਬਲਕਿ ਕਿਸੇ ਵੀ ਮੰਗ ਨੂੰ ਲਾਗੂ ਨਹੀਂ ਕੀਤਾ ਗਿਆ।
ਅਜੇ ਤੱਕ ਵੀ ਪੰਜਾਬ ਤੇ ਦਿੱਲੀ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਨਾਂ ਤਾਂ ਕੋਈ ਮੁਆਵਜਾ ਮਿਲਿਆ ਹੈ ਤੇ ਨਾਂ ਹੀ ਕੋਈ ਨੌਕਰੀ।ਇਸ ਮੌਕੇ ਗੁਰਲਾਲ ਸਿੰਘ ਮਾਨ, ਸਕੱਤਰ ਸਿੰਘ ਕੋਟਲਾ,ਬਲਦੇਵ ਸਿੰਘ ਬੱਗਾ,ਡਾ ਕੰਵਰ ਦਲੀਪ ਸਿੰਘ ਨੇ ਵੀ ਸੰਬੋਧਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Protest march, Punjab farmers, Railway