ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖ਼ਿਲਾਫ਼ ਅੱਜ 31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਸ਼ਾਂਤਮਈ ਤਰੀਕੇ ਨਾਲ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਜਾਮ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੋਵੇਗਾ। ਉਧਰ ਬੀਕੇਯੂ (ਉਗਰਾਹਾਂ) ਨੇ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਚੱਕਾ ਜਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਕਿਸਾਨੀ ਮੰਗਾਂ ਅਤੇ ਦਿੱਲੀ ਕਿਸਾਨ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ, ਉਥੇ ਪੰਜਾਬ ਅੰਦਰ ‘ਰੇਲਵੇ ਟਰੈਕ’ ਰੋਕੇ ਜਾਣਗੇ।
ਉਨ੍ਹਾਂ ਦੱਸਿਆ ਕਿ ਜਾਮ ਦੌਰਾਨ ‘ਊਧਮ ਸਿੰਘ ਦਾ ਸਹੀਦੀ ਦਿਹਾੜਾ’ ਵੀ ਮਨਾਇਆ ਜਾਵੇਗਾ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਉਹ ਰੇਲ ਸਫ਼ਰ ਨਾ ਕਰਨ ਅਤੇ ਦੇਸ਼ ਦੀ ਆਰਥਿਕਤਾ ਨੂੰ ਉਪਰ ਚੁੱਕਣ ਅਤੇ ਦੇਸ਼ ਦੇ ਅੰਨਦਾਤਾ ਨੂੰ ਬਚਾਉਣ ਲਈ ਕਿਸਾਨੀ ਅੰਦੋਲਨ ਦਾ ਸਮਰਥਨ ਕਰਨ।
ਇਸ ਦੌਰਾਨ ਬੀਕੇਯੂ (ਉਗਰਾਹਾਂ) ਨੇ ਵੀ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ ਦੋਨੋਂ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦੌਰਾਨ ਰੇਲਵੇ ਦੇ ਸਟਾਫ ਮੈਂਬਰਾਂ ਜਾਂ ਸਵਾਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਜਾਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Farmers Protest, Kisan, Kisan andolan, Punjab farmers