ਤਲਵੰਡੀ ਸਾਬੋ: 'ਕੇਂਦਰ ਸਰਕਾਰ ਨੇ ਸਾਲ 2022-23 ਤੱਕ ਝੋਨੇ ਦੇ ਭਾਅ ’ਚ 100 ਰੁਪਏ ਪ੍ਰਤੀ ਕੁਇੰਟਲ ਅਤੇ ਹੋਰ ਖਰੀਫ ਫਸਲਾਂ ਦੀ ਐੱਮ.ਐੱਸ.ਪੀ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।' ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਨੇ ਕੇਂਦਰ ਸਰਕਾਰ ਦੀ ਸਖਤ ਨਿੰਦਿਆ ਕਰਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਭਾਅ ਲਾਗਤ ਖਰਚਿਆਂ ਮੁਤਾਬੁਕ ਨਹੀ ਦਿੱਤਾ, ਸਗੋਂ ਹਰ ਸਾਲ ਸਿਰਫ ਸਿਆਸੀ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਖਾਦਾਂ, ਬੀਜ਼ਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫਸਲਾਂ ਉਤੇ ਹਰ ਸਾਲ ਜਿਆਦਾ ਪੈਸੇ ਖਰਚਨੇ ਪੈਂਦੇ ਹਨ, ਪਰ ਕੇਂਦਰ ਸਰਕਾਰ ਹਰ ਵਾਰ ਫਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ, ਜਿਸ ਨਾਲ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੁੰਦਾ ਹੋਇਆ ਖੁਦਕੁਸ਼ੀਆਂ ਕਰ ਰਿਹਾ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡਾ. ਰਮੇਸ਼ ਚੰਦ ਦੀ ਅਗਵਾਈ ‘ਚ ਸਮਰਥਨ ਮੁੱਲ ਸੰਬੰਧੀ ਪ੍ਰਣਾਲੀ ਬਾਰੇ ਜਾਂਚ ਕਮੇਟੀ ਦੀ ਰਿਪੋਰਟ ਲਾਗੂ ਕਰਕੇ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ (ਸੀ.ਟੂ) ਰਿਪੋਰਟ ਮੁਤਾਬਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਸੀ-2 ਰਿਪੋਰਟ ਮੁਤਾਬਕ 50 ਫੀਸਦੀ ਮੁਨਾਫੇ ਅਨੁਸਾਰ ਤੈਅ ਨਹੀ ਕਰਦੀ, ਉਨ੍ਹਾਂ ਚਿਰ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer, Farmers Protest