Home /News /punjab /

'ਚੋਣਾਂ ਲੰਘਦਿਆਂ ਹੀ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨ ਲੱਗੀ ਕੇਂਦਰ ਸਰਕਾਰ'

'ਚੋਣਾਂ ਲੰਘਦਿਆਂ ਹੀ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨ ਲੱਗੀ ਕੇਂਦਰ ਸਰਕਾਰ'

'ਚੋਣਾਂ ਲੰਘਦਿਆਂ ਹੀ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨ ਲੱਗੀ ਕੇਂਦਰ ਸਰਕਾਰ'

'ਚੋਣਾਂ ਲੰਘਦਿਆਂ ਹੀ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨ ਲੱਗੀ ਕੇਂਦਰ ਸਰਕਾਰ'

 • Share this:

  ਆਸ਼ੀਸ਼ ਸ਼ਰਮਾ

  ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬੂਟਾ ਸਿੰਘ ਬੁਰਜ ਗਿੱਲ ਦੀ ਪੑਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੁੱਚੇ ਪੰਜਾਬ ਵਿੱਚੋਂ 15 ਜਿਲ੍ਹਿਆਂ ਦੇ ਪੑਧਾਨ/ਸਕੱਤਰਾਂ ਨੇ ਭਾਗ ਲਿਆ।

  ਮੀਟਿੰਗ ਵਿੱਚ ਗੰਭੀਰ ਵਿਚਾਰ ਚਰਚਾ ਕਰਨ ਤੋਂ ਬਾਅਦ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਮਨਜੀਤ ਧਨੇਰ, ਗੁਰਦੀਪ ਰਾਮਪੁਰਾ ਅਤੇ ਬਲਵੰਤ ਉੱਪਲੀ ਨੇ ਸਾਂਝੇ ਤੌਰ ਉਤੇ ਦੱਸਿਆ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੰਘਿਆਂ ਨੂੰ ਹਫਤਾ ਵੀ ਨਹੀਂ ਹੋਇਆ ਕਿ ਪੰਜਾਬ ਦੇ ਹੱਕਾਂ ਉੱਤੇ ਕੇਂਦਰੀ ਹਕੂਮਤ ਦੇ ਡਾਕੇ ਫਿਰ ਸ਼ੁਰੂ ਹੋ ਗਏ ਹਨ।

  ਇਸ ਵਾਰ ਹਮਲਾ ਫਿਰ ਪੰਜਾਬ ਦੇ ਪਾਣੀਆਂ ਉੱਤੇ ਹੋਇਆ ਹੈ। ਭਾਰਤ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਰੂਲਜ, 1974 ਵਿੱਚ ਬਦਲਾਅ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੀ ਪੱਕੀ ਮੈਂਬਰਸ਼ਿਪ ਬੰਦ ਕਰ ਦਿੱਤੀ ਹੈ। ਇਸ ਤਰ੍ਹਾਂ ਪੰਜਾਬ ਨੂੰ ਪਾਣੀ ਦੇ ਪ੍ਰਬੰਧ ਵਿੱਚੋਂ ਬਾਹਰ ਕੱਢ ਕੇ ਕੇਂਦਰ ਸਰਕਾਰ ਦੀ ਝਾਕ ਪੰਜਾਬ ਦੇ ਪਾਣੀ ਖੋਹਣ 'ਤੇ ਹੈ।

  ਪੰਜਾਬ ਨੂੰ ਪਹਿਲਾਂ ਹੀ ਪਾਣੀ ਪੂਰਾ ਨਹੀਂ ਮਿਲ ਰਿਹਾ, ਪੰਜਾਬ ਦੇ ਬਣਦੇ ਕੁੱਲ ਪਾਣੀ ਦਾ ਚੌਥਾ ਹਿੱਸਾ ਹੀ ਮਿਲਦਾ ਹੈ। ਪੰਜਾਬ ਨਾਲ ਇਹ ਵਿਤਕਰਾ, ਪੰਜਾਬ ਦੀ ਮੁੜ ਵੰਡ ਤੋਂ ਹੀ ਜਾਰੀ ਹੈ ਅਤੇ ਇਸ ਧੱਕੇ ਦੇ ਉਲਟ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਕੇਂਦਰੀ ਹਕੂਮਤ ਦੇ ਹਰ ਧੱਕੇ ਦੇ ਖਿਲਾਫ਼ ਲੜ ਰਹੇ ਹਨ। ਆਗੂਆਂ ਨੇ ਕੇਂਦਰ ਹਕੂਮਤ ਦੇ ਇਸ ਫੈਸਲੇ ਨੂੰ ਫੈਡਰਿਲਜਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪਹਿਲਾਂ ਹਕੂਮਤ ਨੇ 5 ਜੂਨ 2020 ਨੂੰ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਰਾਹੀਂ ਰਾਜਾਂ ਦੇ ਸੰਘੀ ਢਾਂਚੇ ਉੁੱਪਰ ਹਮਲਾ ਬੋਲਿਆ ਸੀ।

  ਖੇਤੀ ਨਿਰੋਲ ਰਾਜਾਂ ਦਾ ਵਿਸ਼ਾ ਹੈ। ਭਾਖੜਾ ਬਿਆਸ ਮਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਾਰਜ ਕਰਨਾ ਵੀ ਕੇਂਦਰੀ ਹਕੂਮਤ ਦਾ ਉਸੇ ਦਿਸ਼ਾ ਵਿੱਚ ਪੁੱਟਿਆ ਕਦਮ ਹੈ। ਜਦ ਕਿ 1966 ਦੇ ਪੰਜਾਬੀ ਸੂਬਾ ਹੋਂਦ ਵਿਚ ਆਉਣ ਸਮੇਂ ਤੋਂ ਬੀਬੀਐਮਬੀ ਵਿੱਚ ਨੁਮਾਇੰਦਗੀ, ਪਾਣੀ ਅਤੇ ਬਿਜਲੀ ਸਬੰਧੀ ਹਿੱਸਾ ਤੈਅ ਹੋਇਆ ਹੈ। ਆਗੂਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਧਰਤੀ ਬੰਜਰ ਹੋ ਰਹੀ ਹੈ। ਪੰਜਾਬ ਦੇ ਵੱਡੇ ਹਿੱਸੇ ਵਿੱਚ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ।

  ਪੰਜਾਬ ਦੇ 138 ਬਲਾਕਾਂ ਵਿੱਚੋਂ 109 ਬਲਾਕ ਡਾਰਕ ਜੋਨ ਬਣ ਗਏ ਹਨ। ਦੂਜੇ ਪਾਸੇ ਪੰਜਾਬ ਦੇ ਪਾਣੀਆਂ ਨੂੰ ਰਾਜਸਥਾਨ ਅਤੇ ਦਿੱਲੀ ਨੂੰ ਮੁਫ਼ਤ ਵਿੱਚ ਲੁਟਾਇਆ ਜਾ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਦਰਿਆਈ ਪਾਣੀਆਂ ਵਿੱਚੋਂ ਪੰਜਾਬ ਦਾ ਹਿੱਸਾ ਵਧਾਕੇ ਇਸ ਸੰਕਟ ਦਾ ਪੱਕਾ ਹੱਲ ਕੀਤਾ ਜਾਵੇ। ਪੰਜਾਬ ਦਾ ਬੀਬੀਐਮਬੀ ਵਿੱਚੋਂ ਨੁਮਾਇੰਦਗੀ ਖਤਮ ਕਰਨ ਨਾਲ ਰਾਜਾਂ ਦਾ ਪਾਣੀਆਂ ਸਮੇਤ ਹੈੱਡ ਵਰਕਸਾਂ ਉੱਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ।

  ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜਮਾਨਤ ਖਾਰਜ ਕਰਾਉਣ,ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਖਾਰਜ ਕਰਾਉਣ, ਯੂਕਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਦਾ ਵਿਰੋਧ ਕਰਨ ਲਈ 7 ਮਾਰਚ ਨੂੰ  ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਾ/ਤਹਿਸੀਲ ਕੇਂਦਰਾਂ ਤੇ ਵਿਸ਼ਾਲ ਮੁਜ਼ਾਹਰੇ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ।

  ਭਾਕਿਯੂ ਏਕਤਾ ਡਕੌਂਦਾ ਇਸ ਸੰਘਰਸ਼ ਸੱਦੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਕੇ ਵਧ ਚੜੵਕੇ ਹਿੱਸਾ ਲਵੇਗੀ। 4 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ  ਦਾ ਵੱਡਾ ਵਫਦ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਮਿਲੇਗਾ। ਇਸੇ ਹੀ ਤਰ੍ਹਾਂ  ਭਾਕਿਯੂ ਏਕਤਾ ਡਕੌਂਦਾ ਦਾ ਵਫਦ ਪਾਵਰਕੌਮ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਪਟਿਆਲਾ ਵਿਖੇ ਪਾਵਰਕੌਮ ਦੇ ਸੀਐਮਡੀ ਨਾਲ ਮੀਟਿੰਗ ਕਰੇਗਾ। 8 ਮਾਰਚ ਦਾ ਕੌਮਾਂਤਰੀ ਔਰਤ ਦਿਵਸ ਸਾਰੇ ਜਿਲ੍ਹਿਆਂ ਵਿੱਚ ਔਰਤ ਕਾਰਕੁਨਾਂ ਦੇ ਵੱਡੇ ਇਕੱਠ ਕਰਕੇ ਮਨਾਇਆ ਜਾਵੇਗਾ। 23ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਂਦਿਆਂ ਇਸ ਦਿਨ ਹੁਸੈਨੀਵਾਲਾ ਵਿਖੇ ਭਾਕਿਯੂ ਏਕਤਾ ਡਕੌਂਦਾ ਦੇ ਨੌਜਵਾਨ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ।

  ਆਗੂਆਂ ਕੁਲਵੰਤ ਸਿੰਘ ਕਿਸ਼ਨਗੜੵ, ਮਹਿੰਦਰ ਸਿੰਘ ਦਿਆਲਪੁਰਾ,ਗੁਰਦੇਵ ਸਿੰਘ ਮਾਂਗੇਵਾਲ,ਬਲਦੇਵ ਸਿੰਘ ਭਾਈਰੂਪਾ,ਮਹਿੰਦਰ ਸਿੰਘ ਕਮਾਲਪੁਰ, ਪਰਮਿੰਦਰ ਸਿੰਘ ਮੁਕਤਸਰ, ਹਰੀਸ਼ ਨੱਢਾ, ਧਰਮਪਾਲ ਸਿੰਘ ਰੋੜੀਕਪੂਰਾ,ਗੁਲਜਾਰ ਸਿੰਘ ਕੱਬਰਵੱਛਾ,ਕਰਮ ਸਿੰਘ ਬਲਿਆਲ, ਮਹਿੰਦਰ ਸਿੰਘ ਭੈਣੀਬਾਘਾ, ਹਰਚਰਨ ਸੁਖਪੁਰਾ,ਦੇਵੀ ਰਾਮ ਰੰਘੜਿਆਲ, ਬੂਟਾ ਖਾਨ, ਸਾਦਿਕ ਢਿੱਲੋਂ, ਗੁਰਬਿੰਦਰ ਸਿੰਘ,ਮੱਖਣ ਸਿੰਘ ਗੁਰਦਾਸਪੁਰ,ਪਰਮਿੰਦਰ ਸਿੰਘ,ਤੇਜਪਾਲ ਸਿੰਘ ਕਪੂਰਥਲਾ ਆਦਿ ਸਾਰੇ ਜਿਲ੍ਹਿਆਂ ਦੇ ਪੑਧਾਨ /ਸਕੱਤਰਾਂ ਨੇ ਮੀਟਿੰਗ ਦੌਰਾਨ ਉਲੀਕੇ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ ਲਈ ਤਨਦੇਹੀ ਨਾਲ ਜੁੱਟ ਜਾਣ ਦਾ ਸੱਦਾ ਦਿੱਤਾ ਹੈ।

  Published by:Gurwinder Singh
  First published:

  Tags: Bharti Kisan Union, Farmers Protest, Kisan andolan, Punjab farmers