
ਬਠਿੰਡਾ: ਕਿਸਾਨ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜਨਗੇ
Suraj Bhan
ਬਠਿੰਡਾ: ਪੰਜਾਬ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ, ਕਿਸਾਨ ਆਗੂਆਂ ਨਾਲ ਮੀਟਿੰਗਾਂ ਵਾਰ-ਵਾਰ ਰੱਦ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਠਿੰਡਾ ਚੱਲ ਰਹੇ ਮੋਰਚੇ ਵਲੋਂ ਅੱਜ ਬਠਿੰਡਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਕੇ ਹਨੂੰਮਾਨ ਚੌਕ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਅੱਜ ਦੇ ਮੁੱਖ ਬੁਲਾਰਿਆਂ ਸ਼ਿੰਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ ,ਹਰਜਿੰਦਰ ਸਿੰਘ ਬੱਗੀ ,ਬਸੰਤ ਸਿੰਘ ਕੋਠਾ ਗੁਰੂ ,ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਪਰਮਜੀਤ ਕੌਰ ਕੋਟੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਸਬੰਧੀ ਮੀਟਿੰਗ ਤੋਂ ਕੀਤੀ ਢਿੱਲ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣਾ ਤਾਂ ਦੂਰ ਅਜੇ ਤਕ ਪਿੰਡਾਂ ਵਿੱਚ ਲਿਸਟਾਂ ਨਹੀਂ ਲਾਈਆਂ ਗਈਆਂ। ਸਰਕਾਰ ਦੇ ਮਾਲ ਵਿਭਾਗ ਦੇ ਅਧਿਕਾਰੀ ਨਰਮੇ ਦੇ ਮੁਆਵਜ਼ੇ ਵਿਚ ਹੇਰਾਫੇਰੀ ਕਰਕੇ ਆਪਣੇ ਚਹੇਤਿਆਂ ਨੂੰ ਮੁਆਵਜ਼ਾ ਦੇਣਾ ਚਾਹੁੰਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨਾਲ 21 ਦਸੰਬਰ ਤੋਂ ਵਾਰ ਵਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਉਲਟ ਕਹਿ ਰਹੇ ਹਨ ਕਿ ਕਾਸ਼ਤਕਾਰਾਂ ਦੇ ਖਾਤੇ ਵਿੱਚ ਹੀ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਪਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਚੱਲ ਰਹੇ ਮੋਰਚੇ ਦੌਰਾਨ ਅੱਜ ਤੱਕ ਕਿਸਾਨ ਆਗੂਆਂ ਨਾਲ ਇੱਕ ਵੀ ਮੀਟਿੰਗ ਨਾ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਜਿਸ ਨੇ ਨਵੰਬਰ ਵਿਚ ਮੀਟਿੰਗ ਦੌਰਾਨ ਕਿਹਾ ਸੀ ਕਿ ਜ਼ਿਲ੍ਹੇ ਦੀ ਸਮੱਸਿਆ ਬਾਰੇ ਭਾਵੇਂ ਮੈਨੂੰ ਅੱਧੀ ਰਾਤ ਨੂੰ ਫੋਨ ਕਰੋ ਤੁਹਾਡਾ ਹੱਲ ਕਰਾਂਗੇ। ਅੱਜ ਤਲਵੰਡੀ ਬਲਾਕ ਦੇ ਪਿੰਡ ਨੱਤ ਵਿਖੇ ਕਿਸਾਨਾਂ ਦੇ ਮੁਆਵਜ਼ੇ ਦੀ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ ਵੱਡੀ ਪੱਧਰ ਉਤੇ ਖ਼ਰਾਬ ਹੋਈ ਫ਼ਸਲ ਵਾਲੇ ਕਿਸਾਨਾਂ ਦੇ ਨਾਂ ਸ਼ਾਮਲ ਨਹੀਂ ਹਨ।
ਮੁਆਵਜ਼ੇ ਦੀ ਲਿਸਟ ਵਿਚ ਨਾਮ ਵੀ ਕਾਸ਼ਤਕਾਰਾਂ ਦੀ ਬਜਾਏ ਜਮੀਨ ਮਾਲਕਾਂ ਦੇ ਸਾਂਝੇ ਹਿੱਸੇਦਾਰਾਂ ਦੇ ਦਿੱਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਪਿੰਡਾਂ ਵਿਚ ਮੁਆਵਜ਼ੇ ਦੇ ਹੱਕਦਾਰ ਕਾਸ਼ਤਕਾਰ ਕਿਸਾਨਾਂ ਦੀਆਂ ਲਿਸਟਾਂ ਜਾਰੀ ਕੀਤੇ ਜਾਣ ਅਤੇ ਹੇਰਾਫੇਰੀ ਕਰਨ ਵਾਲੇ ਮਾਲ ਵਿਭਾਗ ਦੇ ਮੁਲਾਜ਼ਮਾਂ /ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਮੁਅੱਤਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸਬੰਧੀ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਭੁਲੇਖਾ ਹੈ ਕਿ ਉਹ ਮੀਟਿੰਗਾਂ ਅੱਗੇ ਪਾ ਕੇ ਚੋਣ ਜ਼ਾਬਤੇ ਦਾ ਬਹਾਨਾ ਲੈ ਕੇ ਕਿਸਾਨਾਂ ਦੀਆਂ ਮੰਗਾਂ ਤੋਂ ਖਹਿੜਾ ਛੁਡਾ ਲਵੇਗਾ, ਪਰ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਵੀ ਤਿੱਖੇ ਸੰਘਰਸ਼ਾਂ ਰਾਹੀਂ ਉਸ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰ ਦਿੱਤਾ ਜਾਵੇਗਾ।
ਅੱਜ ਦੂਜੇ ਦਿਨ ਵੀ ਪੰਜਾਬ ਦੀਆਂ ਦਰਜਨ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਦੇਸ਼ ਦੇ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਬਾਅਦ ਪੰਜ ਜਨਵਰੀ ਨੂੰ ਮੋਦੀ ਦੀ ਪੰਜਾਬ ਫੇਰੀ ਦੌਰਾਨ ਜ਼ਿਲ੍ਹਾ ਹੈਡਕੁਆਰਟਰ ਉਤੇ ਨਰਿੰਦਰ ਮੋਦੀ ਦਾ ਵੱਡਾ ਬੁੱਤ ਬਣਾ ਕੇ ਸਾੜਿਆ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।