ਫਾਜਿਲਕਾ- ਪੰਜਾਬ ਵਿੱਚ ਚਿੱਟੇ ਦੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਚਿੱਟੇ ਦੀ ਓਵਰਡੋਜ਼ ਕਾਰਨ ਰੋਜ਼ਾਨਾ ਨੌਜਵਾਨ ਮਰ ਰਹੇ ਹਨ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੱਲਾ ਲੱਖੇ ਦੇ ਉਤਾੜ (ਧੁੰਕੀਆ) ਵਿੱਚ ਅੱਜ ਚਿੱਟੇ ਕਾਰਨ ਇੱਕ ਹੋਰ ਘਰ ਦਾ ਚਿਰਾਗ ਬੁਝ ਗਿਆ। 25 ਸਾਲਾ ਨੌਜਵਾਨ ਦੀ ਲਾਸ਼ ਖੇਤਾਂ ਦੀ ਮੋਟਰ ਨੇੜੇ ਪਈ ਮਿਲੀ। ਪੁਲੀਸ ਨੇ ਇਸ ਮਾਮਲੇ ਵਿੱਚ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰਚੇ ਵਿੱਚ ਨਾਮਜ਼ਦ ਵਿਅਕਤੀ ਨਸ਼ਾ ਵੇਚਣ ਵਾਲੇ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (25) ਜੋ ਕਿ ਪਿੰਡ ਜਾਲਾ ਲੱਖੇ ਦੇ ਉਤਾੜ (ਧੁੰਕੀਆ) ਵਜੋਂ ਹੋਈ ਹੈ। ਉਹ ਖੇਤੀ ਦਾ ਕੰਮ ਕਰਦਾ ਸੀ। ਉਹ ਚਿੱਟੇ ਦਾ ਨਸ਼ਾ ਵੀ ਕਰਦਾ ਸੀ। ਨੌਜਵਾਨ ਦੀ ਲਾਸ਼ ਪਿੰਡ ਘੁਬਾਇਆ ਅਤੇ ਚੱਕ ਖੀਵਾ ਨੂੰ ਜਾਂਦੇ ਰਸਤੇ 'ਤੇ ਖੇਤਾਂ ਦੀ ਮੋਟਰ ਕੋਲ ਪਈ ਮਿਲੀ। ਨੌਜਵਾਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਨੂੰ ਇਸ ਗੱਲ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕ ਦੇ ਭਰਾ ਅਕਾਸ਼ਦੀਪ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਲਵਪ੍ਰੀਤ ਸਿੰਘ ਕੱਲ੍ਹ ਦੁਪਹਿਰ ਘਰੋਂ ਗਿਆ ਸੀ। ਜਿਸ ਦੀ ਅੱਜ ਲਾਸ਼ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਇੱਕ ਬੱਚਾ ਵੀ ਹੈ।
ਪੁਲੀਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਵਿੱਚ ਮੌਤ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ। ਲਾਸ਼ ਦੇ ਨੇੜਿਓਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drug deaths in Punjab, Drug Overdose Death, Fazilika, Police