ਜਤਿਨ ਸ਼ਰਮਾ
ਗੁਰਦਾਸਪੁਰ: ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਮੁਫ਼ਤ ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਗੁਰਦਾਸਪੁਰ ਵਿੱਚ ਦੋ ਦਿਨਾਂ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਭਿਖਾਰੀਵਾਲ ਦੇ ਸਰਕਾਰੀ ਆਦਰਸ਼ ਸਕੂਲ ਵਿੱਚ ਵਿਦਿਆਥੀਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਕੋਵਿਡ-19 ਵੈਕਸੀਨੇਸ਼ਨ ਅਤੇ ਪੋਸ਼ਣ ਥੀਮ ਉੱਤੇ ਅਧਾਰਿਤ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਪ੍ਰਿੰਸੀਪਲ ਪੁਨੀਤਾ ਸ਼ਰਮਾ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦਾ ਵੱਡੇ ਪੱਧਰ ਉੱਤੇ ਘਰੋਂ ਨਿਕਲਣਾ ਸੁਰੱਖਿਅਤ ਨਹੀਂ ਹੈ, ਅਜਿਹੇ ਵਿਚ ਸਰਕਾਰ ਵੱਲੋਂ ਵੱਖੋ-ਵੱਖ ਥਾਵਾਂ ਉੱਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਇੱਕ ਚੰਗਾ ਕਦਮ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐਸ.) ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਮੁੱਢਲੇ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਪੋਸ਼ਣ ਅਤੇ ਸਹੀ ਖੁਰਾਕ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ, ਅਜਿਹਾ ਕਰਕੇ ਇੱਕ ਪਾਸੇ ਜਿੱਥੇ ਹਰ ਵਿਅਕਤੀ ਸਿਹਤਮੰਦ ਹੋਵੇਗਾ, ਉਥੇ ਹੀ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇਗਾ।
ਇਸ ਮੌਕੇ ਮੰਤਰਾਲੇ ਦੇ ਕਲਾਕਾਰਾਂ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਫੋਰਮੈਂਸ ਰਾਹੀਂ ਜਾਗਰੂਕ ਕੀਤਾ। ਕਲਾਕਾਰਾਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਦੀ ਬੱਚਿਆਂ ਵੱਲੋਂ ਜੰਮ ਕੇ ਸ਼ਲਾਘਾ ਕੀਤੀ ਗਈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Government schools, Gurdaspur, Indian government