ਜਤਿਨ ਸ਼ਰਮਾ
ਗੁਰਦਾਸਪੁਰ: ਲੋਕ ਹਿੱਤ ਵਿੱਚ ਕੰਮ ਕਰਨ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਸ਼ੁਰੂ ਕੀਤਾ ਗਿਆ ਇੱਕ ਹੋਰ ਨਿਵੇਕਲਾ ਉਪਰਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਹੁਣ ਜ਼ਿਲ੍ਹੇ ਦੇ ਵਸਨੀਕਾਂ ਨੂੰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਘਰ ਬੈਠੇ ਹੀ ਆਨਲਾਈਨ ਜ਼ੂਮ ਮੀਟਿੰਗ ਰਾਹੀਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਆਪਣੀ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਜ਼ਿਲ੍ਹੇ ਦਾ ਕੋਈ ਵਸਨੀਕ ਆਪਣੀ ਸਮੱਸਿਆ ਦੱਸਣਾ ਚਾਹੁੰਦਾ ਹੈ, ਤਾਂ ਉਹ ਯੂਜ਼ਰ ਆਈਡੀ 96469-76098 ਅਤੇ ਪਾਸਵਰਡ 22 ਦਰਜ ਕਰਕੇ ਜ਼ੂਮ ਮੀਟਿੰਗ ਰਾਹੀਂ ਰੋਜ਼ਾਨਾ (ਸੋਮਵਾਰ ਤੋਂ ਸ਼ੁੱਕਰਵਾਰ - ਕੰਮ ਵਾਲੇ ਦਿਨ) ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਮੂਹ ਤਹਿਸੀਲਾਂ, ਸਬ ਤਹਿਸੀਲਾਂ, ਸਮੂਹ ਨਗਰ ਕੌਂਸਲਾਂ, ਕਾਰਪੋਰੇਸ਼ਨ ਬਟਾਲਾ, ਸਮੂਹ ਬੀ.ਡੀ.ਪੀ.ਓ., ਸੀ.ਡੀ.ਪੀ.ਓ. ਅਤੇ ਜਨਰਲ ਮੈਨੇਜਰ ਉਦਯੋਗ (ਜੀ.ਐਮ.-ਡੀ.ਆਈ.ਸੀ.) ਬਟਾਲਾ ਦੇ ਦਫ਼ਤਰ ਡਿਪਟੀ ਕਮਿਸ਼ਨਰ ਨਾਲ ਜ਼ੂਮ ਮੀਟਿੰਗ ਕਰਨ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ। ਲੋਕ ਆਪਣੇ ਨੇੜਲੇ ਉਪਰੋਕਤ ਕਿਸੇ ਵੀ ਦਫਤਰ ਵਿਚ ਜਾ ਕੇ ਆਪਣੀ ਮੁਸ਼ਕਿਲ, ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਦੇ ਹਨ, ਜਿਸ ਨੂੰ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਇਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਉਪਰੋਕਤ ਸਾਰੇ ਦਫ਼ਤਰਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਦਫ਼ਤਰਾਂ ਦੇ ਬਾਹਰ ਇੱਕ ਨੋਟਿਸ ਲਗਾਉਣ ਕਿ ਜੇਕਰ ਕੋਈ ਵਿਅਕਤੀ ਆਪਣੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਦੇ ਦਫ਼ਤਰ ਵਲੋਂ ਜ਼ੂਮ ਮੀਟਿੰਗ ਰਾਹੀਂ ਡਿਪਟੀ ਕਮਿਸ਼ਨਰ ਨਾਲ ਗੱਲ ਕਰਵਾਈ ਜਾਵੇਗੀ। ਅੱਜ ਹੋਈ ਜ਼ੂਮ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਪਬਲਿਕ ਵਿਜ਼ਟਰ ਰੂਮ ਵਿੱਚ ਪੁੱਜੇ ਵਿਅਕਤੀਆਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਵਿੱਚ ਸਮੱਸਿਆ ਦਾ ਹੱਲ ਕਰਨ ਲਈ ਮਜ਼ਬੂਰ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਜ਼ੂਮ ਮੀਟਿੰਗ ਸ਼ੁਰੂ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰ ਜਾਂ ਉਨ੍ਹਾਂ ਦੇ ਨੇੜੇ ਦੇ ਕਿਸੇ ਵੀ ਦਫ਼ਤਰ ਤੁਸੀਂ ਆਪਣੀ ਸਮੱਸਿਆ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਸਕਦੇ ਹੋ। ਉਨ੍ਹਾਂ ਦੱਸਿਆ ਕਿ ਆਨਲਾਈਨ ਜ਼ੂਮ ਮੀਟਿੰਗ ਤੋਂ ਇਲਾਵਾ ਜ਼ਿਲ੍ਹਾ ਵਾਸੀ ਵਟਸਐਪ ਨੰਬਰ 62393-01830 'ਤੇ ਵੀ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਭੇਜ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।