ਨਵੀਂ ਦਿੱਲੀ- ਉੱਤਰ ਪੱਛਮੀ ਦਿੱਲੀ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਹਾਲੀਆ ਝੜਪਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੀ ਭਾਰਤ ਫੇਰੀ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ "ਅਕਸ ਨੂੰ ਖ਼ਰਾਬ" ਕਰਨ ਦੀ ਕੋਸ਼ਿਸ਼ ਸੀ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜਾਨਸਨ ਇਸ ਹਫਤੇ ਭਾਰਤ ਦੌਰੇ 'ਤੇ ਆ ਰਹੇ ਹਨ। ਹੰਸ ਰਾਜ ਹੰਸ ਦੇ ਹਲਕੇ ਵਿੱਚ ਹਾਲ ਹੀ ਵਿੱਚ ਹਨੂੰਮਾਨ ਜੈਅੰਤੀ ਮੌਕੇ ਸ਼ੋਭਾਯਾਤਰਾ ਦੌਰਾਨ ਹਿੰਸਾ ਹੋਈ ਸੀ। ਹੰਸ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਦੇ ਨਾਲ ਉੱਤਰੀ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਖੇਤਰ ਵਿੱਚ ਫਿਰਕੂ ਝੜਪਾਂ ਦੀ ਜਾਂਚ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨਾਲ ਮੁਲਾਕਾਤ ਕੀਤੀ।
ਹੰਸ ਨੇ ਪੱਤਰਕਾਰਾਂ ਨੂੰ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ (ਭਾਰਤ) ਆ ਰਹੇ ਹਨ, ਇਸ ਲਈ ਕੁਝ ਸਥਾਨਕ ਲੋਕਾਂ ਦੇ ਨਾਲ-ਨਾਲ ਕੁਝ ਬਾਹਰੀ ਲੋਕਾਂ ਨੇ ਦੇਸ਼ ਅਤੇ ਪ੍ਰਧਾਨ ਮੰਤਰੀ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਇੱਕ ਅੰਤਰਰਾਸ਼ਟਰੀ ਹਸਤੀ ਬਣ ਗਏ ਹਨ। ਦੇਸ਼ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲੋਕ ਸ਼ਾਂਤੀ ਅਤੇ ਸਦਭਾਵਨਾ ਲਈ ਖ਼ਤਰਾ ਹਨ ਅਤੇ ਇਸ ਵਾਰ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅੱਠ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਸਨ
ਭਾਜਪਾ ਆਗੂਆਂ ਨੇ ਅਸਥਾਨਾ ਨਾਲ ਮੀਟਿੰਗ ਦੌਰਾਨ ਜਹਾਂਗੀਰਪੁਰੀ ਹਿੰਸਾ ਨੂੰ ਕਾਬੂ ਕਰਨ ਵਿੱਚ ਪੁਲੀਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਇਸ ਗੱਲ ਦੀ ਜਾਂਚ ਕਰਨ ਦੀ ਅਪੀਲ ਕੀਤੀ ਕਿ ਕੀ ਇਸ ਮਾਮਲੇ ਦਾ ਮੁੱਖ ਦੋਸ਼ੀ ਆਮ ਆਦਮੀ ਪਾਰਟੀ (ਆਪ) ਦਾ ਵਰਕਰ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਮੁਲਜ਼ਮਾਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਅਪਰਾਧਿਕ ਪਿਛੋਕੜ ਦੀ ਜਾਂਚ ਕਰਨ ਦੀ ਵੀ ਅਪੀਲ ਕੀਤੀ। ਹਨੂੰਮਾਨ ਜੈਅੰਤੀ 'ਤੇ ਕੱਢੇ ਗਏ ਜਲੂਸ ਦੌਰਾਨ ਸ਼ਨੀਵਾਰ ਨੂੰ ਜਹਾਂਗੀਰਪੁਰੀ 'ਚ ਦੋ ਫਿਰਕਿਆਂ ਦੇ ਲੋਕਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਇਕ ਸਥਾਨਕ ਨਿਵਾਸੀ ਅਤੇ 8 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।