ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ। ਚੰਨੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਦਿਨ ਪਹਿਲਾਂ ਇਹ ਨੋਟਿਸ ਜਾਰੀ ਕਰਕੇ ਸਾਰੇ ਹਵਾਈ ਅੱਡਿਆਂ ਉਤੇ ਅਲਰਟ ਕੀਤਾ ਗਿਆ ਸੀ ਕਿ ਚੰਨੀ ਵਿਦੇਸ਼ ਭੱਜ ਸਕਦਾ ਹੈ।
ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਕਿ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੀ ਫਾਈਲ ਹੈ, ਜਿਸ ਤੋਂ ਬਾਅਦ ਚੰਨੀ ਨੇ ਵਿਦੇਸ਼ ਨਾ ਜਾਣ ਦੀ ਗੱਲ ਕਹੀ ਸੀ।
ਉਧਰ, ਚੰਨੀ ਨੇ ਕਿਹਾ ਕਿ ਹੈ ਉਹ ਡਰਨ ਵਾਲਿਆਂ ਵਿਚੋਂ ਨਹੀਂ ਹਨ ਤੇ ਪੰਜਾਬ ਛੱਡ ਕੇ ਕਿਧਰੇ ਨਹੀਂ ਜਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰ ਦਿੱਤਾ ਕਿ ਉਹ ਹਰ ਕਿਸਮ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਜਦੋਂ ਵੀ ਜਾਂਚ ਲਈ ਸੱਦੇਗੀ, ਉਹ ਹਾਜ਼ਰ ਹੋ ਜਾਣਗੇ, ਬਸ਼ਰਤੇ ਨਿਰਪੱਖ ਜਾਂਚ ਹੋਵੇ। ਇਸ ਦੌਰਾਨ ਉਨ੍ਹਾਂ ਸਰਕਾਰ ਵੱਲੋਂ ਜ਼ਰੂਰਤਮੰਦਾਂ ਨੂੰ ‘ਆਟਾ ਦਾਲ’ ਸਹੂਲਤ ਤੋਂ ਵਾਂਝੇ ਰੱਖਣ ਦੀ ਨਿਖੇਧੀ ਕਰਦਿਆਂ ਰੱਦ ਕੀਤੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ।
ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਉਤੇ ਗ੍ਰਾਂਟਾਂ ਜਾਰੀ ਕੀਤੀਆਂ ਸਨ ਪਰ ਮੌਜੂਦਾ ਸਰਕਾਰ ਨੇ ਜਿੱਥੇ ਹਲਕੇ ਵਿਚ ਚੱਲਦੇ ਵਿਕਾਸ ਕਾਰਜ ਠੱਪ ਜਾਂ ਹੌਲੀ ਕਰਵਾ ਦਿੱਤੇ ਹਨ, ਉਥੇ ਹੀ ਪਿੰਡਾਂ ਦੇ ਸਰਪੰਚਾਂ ਤੋਂ ਗ੍ਰਾਂਟਾਂ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Channi, Charanjit Singh Channi