ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਦੀਆਂ ਸਮੱਸਿਅਵਾਂ ਦੇ ਬਾਰੇ ਜਾਣ ਸਕਣ।ਇਸੇ ਹੀ ਲੜੈ ਦੇ ਵਿੱਚ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ-ਮੋਗਾ ਰੋਡ 'ਤੇ ਬਣੇ ਜੈਨਸਿਸ ਕਾਲਜ ਵਿਖੇ ਪਿੰਡ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਰਾਜਪਾਲ ਪੁਰੋਹਿਤ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਇੱਕ ਵਾਰ ਫਿਰ ਪੰਜਾਬ ਦੇ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ । ਇਸ ਦੇ ਨਾਲ ਹੀ ਉਨ੍ਹਾਂ ਨੇ ਖਾਲਿਸਤਾਨ ਅਤੇ ਐੱਸ. ਵਾਈ. ਐੱਲ. 'ਤੇ ਗੱਲ ਕੀਤੀ ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਮੋੜਵਾਂ ਜਵਾਬ ਵੀ ਦਿੱਤਾ ।
View this post on Instagram
ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਨਸ਼ੇ ਨੂੰ ਖ਼ਤਮ ਕਰਨ ਦੇ ਲਈ ਲੋਕਾਂ ਨੂੰ ਵੀ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਏਜੰਸੀਆ ਦਾ ਸਹਿਯੋਗ ਕਰਨਾ ਚਾਹੀਦਾ ਹੈ। ਰਾਜਪਾਲ ਨੇ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਆਪਣੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਕੰਟਰੋਲ ਦੇ ਵਿੱਚ ਨਹੀਂ ਹਨ ਅਤੇ ਇਨ੍ਹਾਂ ਤੋਂ ਮਾਫ਼ੀਆ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਲਈ ਸੂਬਾ ਸਰਕਾਰ ਨੂੰ ਜੇਲ੍ਹਾਂ ਦੇ ਵਿੱਚ ਸੁਧਾਰ ਕਰਨ ਲਈ ਜ਼ਰੂਰਤ ਹੈ ਕਿਉਂਕਿ ਪੁਲਿਸ ਜਦੋਂ ਨਸ਼ਾਂ ਤਸਕਰਾਂ ਜਾਂ ਗੈਂਗਸਟਰਾਂ ਨੂੰ ਕਾਬੂ ਕਰ ਕੇ ਜੇਲ੍ਹ ਭੇਜਦੀ ਹੈ ਤਾਂ ਉਹ ਜੇਲ੍ਹਾਂ ਤੋਂ ਮਾਫ਼ੀਆ ਚਲਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸਮੱਸਿਆ ਦਾ ਹੱਲ ਕਰਨ ਦੇ ਲਈ ਜੇਲ੍ਹਾਂ ਦੇ ਵਿੱਚ ਜੈਮਰ ਲਗਾਉਣ ਦਾ ਕੰਮ ਚੱਲ ਕਿਹਾ ਹੈ। ਇਸ ਤੋਂ ਇਲਾਵਾ ਬੀ. ਐੱਸ. ਐਨ. ਐੱਲ. ਦੇ ਵੱਲੋਂ ਪ੍ਰਪੋਜ਼ਲ ਦਿੱਤਾ ਗਿਆ ਹੈ ਕਿ ਉਹ ਅਜਿਹੀ ਯੋਜਨਾ ਲੈ ਕੇ ਆਉਣਗੇ ਜਿਸ ਨਾਲ ਜੇਲ੍ਹ ਦੇ ਨਜ਼ਦੀਕੀ ਇਲਾਕਿਆਂ 'ਚ ਮੋਬਾਇਲ ਲਈ ਵਰਤੋਂ ਨਾ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੀਡੀਆ ਦੇ ਵੱਲੋਂ ਖਾਲਿਸਤਾਨ ਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਖਾਲਿਸਤਾਨ ਨਾਮ ਦੀ ਕੋਈ ਮੂਮੈਂਟ ਨਹੀਂ ਹੈ ਅਤੇ ਨਾ ਹੀ ਪੰਜਾਬ ਦੇ ਬਹਾਦਰ ਲੋਕ ਅਜਿਹੀ ਕਿਸੇ ਮੁਹਿੰਮ ਨੂੰ ਕਾਮਯਾਬ ਹੋਣ ਦੇਣਗੇ ।
ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨੇ ਉਨ੍ਹਾਂ 'ਤੇ ਲੱਗ ਰਹੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੰਦੇ ਹੋਏ ਕਿਹਾ ਕਿ ਮੈਨੂੰ ਕੋਈ ਵੀ ਮੇਰੇ ਕਾਰਜਕਾਲ ਦੌਰਾਨ ਮੇਰਾ ਕੋਈ ਅਜਿਹਾ ਬਿਆਨ ਜਾਂ ਸ਼ਬਦ ਦੱਸ ਦੇਵੇ, ਜਿਸ ਤੋਂ ਇਹ ਸਾਬਿਤ ਹੋਵੇ ਕਿ ਮੇਰੇ ਵੱਲੋਂ ਕਿਸੇ ਕਿਸਮ ਦੀ ਰਾਜਨੀਤੀ ਕੀਤੀ ਜਾ ਰਹੀ ਹੈ ।ਇਸ ਦੇ ਨਾਲ ਹੀ ਰਾਜਪਾਲ ਨੇ ਉਨ੍ਹਾਂ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਅਤੇ ਸਵਾਲ ਖੜ੍ਹੇ ਕਰਨ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਰਾਜਪਾਲ ਦੇ ਉੱਪਰ ਪੂਰੇ ਸੂਬੇ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਨੂੰ ਪਹਿਲਾਂ ਵਾਲਾ ਪੰਜਾਬ ਬਣਾਉਣਾ ਚਾਹੁੰਦਾ ਹਾਂ ਕਿਉਂਕਿ ਇਹ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ। ਇਸ ਦੇ ਲਈ ਹੀ ਮੈਂ ਸਰਹੱਦੀ ਜ਼ਿ ਲ੍ਹਿਆਂ ਦਾ ਦੌਰਾ ਕਰ ਰਿਹਾ ਹਾਂ ਤਾਂ ਜੋ ਮੈਨੂੰ ਸੂਬੇ ਦੇ ਵਿੱਚ ਹੋ ਰਹੀਆਂ ਗਤੀਵਿਧੀਆਂ ਦੇ ਬਾਰੇ ਜਾਣਕਾਰੀ ਹਾਸਲ ਹੋ ਸਕੇ ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਦੇ ਵੱਲੋਂ ਸੂਬਾ ਸਰਕਾਰ ਦੇ ਉੱਪਰ ਚੁੱਕੇ ਗਏ ਸਵਾਲਾਂ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ । ਉਨ੍ਹਾਂ ਨੇ ਕਿਹਾ ਕਿ ਬੇਵਜ਼੍ਹਾ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਮੁੱਦੇ ਨੂੰ ਲੈ ਕੇ ਕੋਈ ਗੱਲ ਹੈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੱਲ ਕਰ ਸਕਦੇ ਹਨ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਦੇ ਵੱਲੋਂ ਸਰਹੱਦੀ ਜ਼ਿ ਲ੍ਹਿਆਂ ਦਾ ਦੌਰਾ ਕਰਨ ਦੇ ਦੌਰਾਨ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦ ਸਰਕਾਰ ਤੇ ਉੱਪਰ ਜੋ ਸਵਾਲ ਖੜੇ ਕੀਤੇ ਹਨ ਉਸ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਗੜ ਚੁੱਕੀ ਹੈ ਅਤੇ ਸੂਬਾ ਸਰਕਾਰ ਇਸ ਉੱਤੇ ਕੰਟਰੋਲ ਕਰਨ ਦੇ ਵਿੱਚ ਫੇਲ੍ਹ ਸਾਬਤ ਹੋਈ ਹੈ।
ਐੱਸ.ਵਾਈ.ਐੱਲ. ਦੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲੋਕਾਂ ਨੂੰ ਮੇਰੇ ਬਾਰੇ ਗ਼ਲਤਫਹਿਮੀ ਹੈ ਕਿ ਮੈਂ ਕੇਂਦਰ ਦਾ ਉਮੀਦਵਾਰ ਹਾਂ । ਉਨ੍ਹਾਂ ਨੇ ਕਿਹਾ ਕਿ ਮੇਰੀ ਜ਼ਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਨੂੰ ਇਕੱਠੇ ਕਰਨ ਦੀ ਹੈ।
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਇਸ ਦੌਰਾਨ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ ਦੇਸ਼ ਦਾ ਨੁਕਸਾਨ ਕਰਨ ਵਾਲੇ ਲੋਕਾਂ ਨੂੰ ਬਿਲਕੁਲ ਵੀ ਬਖ਼ਸ਼ਿਆ ਨਾ ਜਾਵੇ ਸਗੋਂ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, CM Bhagwant mann, Firozpur, Punjab government, Punjab Governor