ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸਾਲ 2023-24 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 110 ਰੁਪਏ ਦਾ ਵਾਧਾ ਕਰ ਕੇ 2,125 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 400 ਰੁਪਏ ਦੇ ਵਾਧੇ ਨੂੰ 5,450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕਿਸਾਨ ਜਥੇਬੰਦੀਆਂ ਨੇ ਜਿਥੇ ਇਸ ਵਾਧੇ ਨੂੰ ਨਾਕਾਫੀ ਦੱਸਿਆ ਹੈ, ਉਥੇ ਭਾਜਪਾ ਵੱਲੋਂ ਇਸ ਨੂੰ ਦੀਵਾਲੀ ਤੋਹਫਾ ਦੱਸਿਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੀ ਬਿਹਤਰੀ ਅਤੇ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਡਾ ਫੈਸਲਾ ਲੈਂਦਿਆਂ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਐਮ.ਐਸ.ਪੀ. ਵਧਾ ਕੇ ਬਹੁਤ ਵਧੀਆ ਤੋਹਫ਼ਾ ਦਿੱਤਾ ਹੈ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦਾਲ ਦੀ ਫਸਲ ਉਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਿਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ 'ਤੇ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਮੁੱਖ ਹਾੜ੍ਹੀ ਦੀ ਫ਼ਸਲ ਲਈ ਕਣਕ ਵਿੱਚ 110 ਰੁਪਏ, ਜੌਂ ਵਿੱਚ 100 ਰੁਪਏ, ਛੋਲਿਆਂ ਵਿੱਚ 105 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਆਧੁਨਿਕ ਖੇਤੀ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅੱਜ ਕਿਸਾਨਾਂ ਦੀ ਆਮਦਨ ਵਿੱਚ ਵੀ ਪਹਿਲਾਂ ਨਾਲੋਂ ਕਾਫੀ ਸੁਧਾਰ ਹੋਇਆ ਹੈ।
ਸਰਕਾਰ ਹਰ ਸਾਲ ਉਨ੍ਹਾਂ ਦੀਆਂ ਫਸਲਾਂ ਦੇ ਭਾਅ ਵਧਾ ਕੇ ਚੰਗਾ ਭਾਅ ਦੇ ਰਹੀ ਹੈ। ਸ਼ਰਮਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਨਾਲ ਕਿਸਾਨਾਂ ਨੂੰ ਨਾ ਸਿਰਫ਼ ਫ਼ਸਲਾਂ ਦਾ ਵਧੀਆ ਭਾਅ ਮਿਲਦਾ ਹੈ, ਸਗੋਂ ਜੇਕਰ ਬਿਜਾਈ ਸਮੇਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਧਾਇਆ ਜਾਂਦਾ ਹੈ ਤਾਂ ਉਨ੍ਹਾਂ ਦਾ ਮਨੋਬਲ ਹੋਰ ਵੀ ਉੱਚਾ ਹੁੰਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ashwani Sharma, Farmers, Minimum support price (MSP), Modi government, MSP, Narendra modi, Punjab farmers