ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਕਿਹਾ ਕਿ ਅਜਿਹੇ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣਾ ਖਜ਼ਾਨਾ ਭਰਨ ਲਈ ਸੂਬੇ ਨੂੰ ਲੁੱਟਿਆ ਹੈ। ਵਿਜੀਲੈਂਸ ਦੀ ਭ੍ਰਿਸ਼ਟਾਚਾਰ ਦੀ ਚੱਲ ਰਹੀ ਜਾਂਚ ਨੂੰ ਲੈ ਕੇ ਹੁਣ ਸਵਾਲ ਉੱਠ ਰਹੇ ਹਨ ਕਿ ਕੀ ਇਸ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੈ? ਦਰਅਸਲ, ਸੀਐਮ ਭਗਵੰਤ ਮਾਨ ਨੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਸੂਬੇ ਦੇ ਦੋ ਸਾਬਕਾ ਜੰਗਲਾਤ ਮੰਤਰੀਆਂ ਦੀ ਵਿਜੀਲੈਂਸ ਜਾਂਚ ਚੱਲ ਰਹੀ ਹੈ। ਇਨ੍ਹਾਂ ਵਿੱਚ ਕੈਪਟਨ ਸਰਕਾਰ ਦੇ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨਿਆਇਕ ਹਿਰਾਸਤ ਕਾਰਨ ਜੇਲ੍ਹ ਵਿੱਚ ਹਨ, ਜਦਕਿ ਚੰਨੀ ਸਰਕਾਰ ਦੇ ਸਮੇਂ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਤੋਂ ਵਿਜੀਲੈਂਸ ਪੁੱਛਗਿੱਛ ਚੱਲ ਰਹੀ ਹੈ। ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਪਿੰਡ ਸਾਲਾਹਪੁਰ ਦੇ ਸਾਬਕਾ ਸਰਪੰਚ ਇਕਬਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਸਾਬਕਾ ਸੀਐਮ ਚੰਨੀ ਨੂੰ ਵੀ ਇਸ ਪੂਰੇ ਮਾਮਲੇ ਵਿੱਚ ਚੱਲ ਰਹੀ ਜਾਂਚ ਦਾ ਸੇਕ ਝੱਲਣਾ ਪੈ ਸਕਦਾ ਹੈ।
ਸਾਬਕਾ ਸਰਪੰਚ ਇਕਬਾਲ ਸਿੰਘ 'ਤੇ ਭਗਵੰਤਪੁਰ ਪੁਲਿਸ ਨੇ ਪਿਛਲੇ ਸਾਲ ਪਿੰਡ ਜਿੰਦਾਪੁਰ 'ਚ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ। ਇਕਬਾਲ ਦਾ ਨਾਂ ਉਦੋਂ ਸਾਹਮਣੇ ਆਇਆ ਜਦੋਂ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਘਰ ਆਏ ਅਤੇ ਆਪਣੀ ਮਾਂ ਨਾਲ ਦੁਪਹਿਰ ਦਾ ਖਾਣਾ ਖਾਧਾ ਸੀ। ਵਣ ਰੇਂਜ ਅਫਸਰ ਰਾਜਵੰਤ ਸਿੰਘ ਨੇ ਚਮਕੌਰ ਸਾਹਿਬ ਦੇ ਐਸਐਚਓ ਨੂੰ ਮਿਤੀ 18 ਨਵੰਬਰ, 2021 ਨੂੰ ਲਿਖੇ ਪੱਤਰ ਵਿੱਚ ਸਤਲੁਜ ਨੇੜੇ ਜੰਗਲ ਦੀ ਜ਼ਮੀਨ ਵਿੱਚੋਂ ਰੇਤ ਕੱਢਣ ਲਈ ਇਕਬਾਲ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਪੋਕਲੇਨ ਮਸ਼ੀਨਾਂ ਦੀ ਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਪੁਲੀਸ ਕਾਰਵਾਈ ਦੀ ਮੰਗ ਕੀਤੀ ਸੀ। ਜੰਗਲਾਤ ਅਧਿਕਾਰੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਜੰਗਲ ਦੀ ਜ਼ਮੀਨ 'ਤੇ ਲਗਾਏ ਗਏ 530 ਬੂਟੇ ਨੁਕਸਾਨੇ ਗਏ ਸੀ।
ਜਾਂਚ ਕਿੱਥੋਂ ਤੱਕ ਪਹੁੰਚੀ ਹੈ?
ਸੂਤਰਾਂ ਨੇ ਦੱਸਿਆ ਕਿ ਵਿਜੀਲੈਂਸ ਅਧਿਕਾਰੀਆਂ ਵੱਲੋਂ ਡੀਐਫਓ ਰੋਪੜ ਨੂੰ ਜੰਗਲਾਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦਾ ਪੂਰਾ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਹ ਰਿਕਾਰਡ ਜੰਗਲਾਤ ਅਧਿਕਾਰੀਆਂ ਦੁਆਰਾ ਡੀਸੀ ਅਤੇ ਐਸਡੀਐਮ ਨੂੰ ਲਿਖੇ ਵੱਖ-ਵੱਖ ਪੱਤਰਾਂ ਅਤੇ ਡੀਸਿਲਟਿੰਗ ਦੀ ਆੜ ਵਿੱਚ ਜੰਗਲੀ ਖੇਤਰ ਨੂੰ ਹੋਏ ਨੁਕਸਾਨ ਦੀਆਂ ਸੀਮਾਬੰਦੀ ਰਿਪੋਰਟਾਂ ਨਾਲ ਸਬੰਧਤ ਹੈ। ਦਰਅਸਲ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਪੰਜ ਡਵੀਜ਼ਨਲ ਜੰਗਲਾਤ ਅਧਿਕਾਰੀਆਂ ਨੂੰ ਤਲਬ ਕੀਤਾ ਸੀ। ਪਰ ਇਹ ਜੰਗਲਾਤ ਅਧਿਕਾਰੀ ਬਿਊਰੋ ਅੱਗੇ ਪੇਸ਼ ਹੋਣ ਵਿੱਚ ਨਾਕਾਮ ਰਹੇ, ਜਿਸ ਤੋਂ ਬਾਅਦ ਬਿਊਰੋ ਨੇ ਚਮਕੌਰ ਸਾਹਿਬ ਦੇ ਬੇਲਾ ਨੇੜੇ ਪਿੰਡ ਜਿੰਦਾਪੁਰ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜੰਗਲਾਤ ਅਧਿਕਾਰੀਆਂ ਅਤੇ ਮਾਹਿਰਾਂ ਦੀ ਹਾਜ਼ਰੀ ਵਿੱਚ ਕੀਤੀ ਗਈ ਜਾਂਚ ਦੌਰਾਨ 25 ਏਕੜ ਜੰਗਲੀ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਦਾ ਪਤਾ ਲੱਗਾ ਹੈ।
ਸਾਬਕਾ ਮੰਤਰੀ ਗਿਲਜੀਆਂ ਦੇ ਕਾਰਜਕਾਲ ਦਾ ਰਿਕਾਰਡ ਤਲਬ
ਦੋ ਸਾਬਕਾ ਮੰਤਰੀਆਂ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਵਿੱਚ ਦੱਸਿਆ ਗਿਆ ਸੀ ਕਿ ਪਿੰਡ ਵਿੱਚ ਕਰੀਬ 50 ਫੁੱਟ ਡੂੰਘੇ ਟੋਏ ਪੁੱਟੇ ਗਏ ਸਨ ਅਤੇ ਇਲਾਕੇ ਵਿੱਚ 40 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ। ਅਧਿਕਾਰੀਆਂ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਕਾਰਜਕਾਲ ਦੌਰਾਨ ਟ੍ਰੀ ਗਾਰਡਾਂ ਦੀ ਖਰੀਦ ਦੇ ਰਿਕਾਰਡ ਦੀ ਵੀ ਮੰਗ ਕੀਤੀ ਹੈ। ਇਸ ਨੇ ਖਰੀਦ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਮਨਜ਼ੂਰੀ ਦੇਣ ਵਾਲੀ ਅਥਾਰਟੀ ਦੇ ਵੇਰਵੇ ਮੰਗੇ ਹਨ।
ਰੋਪੜ ਦੇ ਡੀ.ਐਫ.ਓ. ਨੂੰ ਸਾਲ 2021 ਵਿੱਚ ਵਣ ਰੇਂਜ ਅਫ਼ਸਰ ਵੱਲੋਂ ਕੀਤੀ ਗਈ ਗੈਰ-ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ 'ਤੇ ਵਣ ਵਿਭਾਗ ਵੱਲੋਂ ਚਮਕੌਰ ਸਾਹਿਬ ਦੇ ਐੱਸਐੱਚਓ ਨੂੰ ਕੀਤੀ ਗਈ ਕਾਰਵਾਈ ਦਾ ਪੂਰਾ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।