Munish Garg
ਤਲਵੰਡੀ ਸਾਬੋ: ਜੰਮੂ ਕਸ਼ਮੀਰ ਵਿਚ ਬੀਤੇ ਦਿਨ ਸ੍ਰੀਨਗਰ ਦੇ ਇੱਕ ਸਰਕਾਰੀ ਸਕੂਲ ਵਿਚ ਇਕ ਸਿੱਖ ਪ੍ਰਿੰਸੀਪਲ ਬੀਬੀ ਅਤੇ ਇੱਕ ਹਿੰਦੂ ਅਧਿਆਪਕ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਬੁਜ਼ਦਿਲਾਨਾ ਕਾਰਵਾਈ ਕਰਾਰ ਦਿੱਤਾ ਹੈ।
ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਵੀ ਨਿੰਦਾ ਕੀਤੀ ਹੈ। ਅੱਜ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਉਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਕਸ਼ਮੀਰ ਵਿੱਚ ਇੱਕ ਸਿੱਖ ਸਕੂਲ ਉਤੇ ਹਮਲਾ ਕਰਦਿਆਂ ਇੱਕ ਸਿੱਖ ਅਤੇ ਇੱਕ ਹਿੰਦੂ ਅਧਿਆਪਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਇਹ ਨਹੀਂ ਸਿਖਾਂਉਦਾ ਕਿ ਬੇਕਸੂਰ ਬੀਬੀ ਜਾਂ ਨਿਰਦੋਸ਼ ਵਿਅਕਤੀ ਦਾ ਕਤਲ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਘਟਨਾ ਕਾਇਰਾਨਾ ਹਰਕਤ ਦਾ ਨਤੀਜਾ ਹੈ। ਉਨ੍ਹਾਂ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਸ ਹਮਲੇ ਦੇ ਦੋਸ਼ੀਆਂ ਨੂੰ ਜਲਦ ਫੜ ਕੇ ਮਿਸਾਲੀ ਸਜ਼ਾ ਦੁਆਵੇ।
ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹਨਾਂ ਕੇਵਲ ਕਸ਼ਮੀਰ ਵਿੱਚ ਸਗੋਂ ਸਮੁੱਚੇ ਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ। ਉੱਧਰ ਜਥੇਦਾਰ ਸਾਹਿਬ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਇੱਕ ਹਿੰਸਕ ਘਟਨਾ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਕਤਲ ਨੂੰ ਵੀ ਸ਼ਰਮਨਾਕ ਕਾਰਾ ਕਰਾਰ ਦਿੰਦਿਆਂ ਮੰਗ ਕੀਤੀ ਕਿ ਉਕਤ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।