ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ । ਇਸ ਸੰਦੇਸ਼ ਵਿੱਚ ਉਨ੍ਹਾਂ ਨੇ ਸਰਕਾਰਾਂ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਪ੍ਰਤੀ ਨੀਤੀ ਅਪਣਾਈ ਜਾਵੇ ਅਤੇ ਸਿੱਖਾਂ ਦੇ ਮਸਲੇ ਜਲਦੀ ਹੱਲ ਕੀਤੇ ਜਾਣ। ਸਿੰਘ ਸਾਹਿਬ ਨੇ ਹਰਿਮੰਦਰ ਸਾਹਿਬ 'ਤੇ ਹਮਲੇ ਦੀ ਧਮਕੀ ਦੇਣ ਵਾਲੇ ਨੂੰ ਵੀ ਗ੍ਰਿਫਤਾਰ ਕਰਨ ਲਈ ਕਿਹਾ ਹੈ।
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨਾਲ ਕੀਤੇ ਜਾ ਰਹੇ ਪੱਖਪਾਤ ਦਾ ਜ਼ਿਕਰ ਕੀਤਾ ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਸਿੱਖਾਂ ਦੀ ਨਸਲਕੁਸ਼ੀ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇ ਭਾਰਤ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨਾ ਗਲਤ ਨਹੀਂ ਹੈ ਤਾਂ ਸਿੱਖ ਕੌਮ ਦੀ ਗੱਲ ਕਰਨ ਵਾਲੇ ਕਿਵੇਂ ਗਲਤ ਹੋ ਸਕਦੇ ਹਨ। ਜਿਸ ਦੇ ਆਧਾਰ 'ਤੇ ਨਫ਼ਰਤ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਇਸ ਦੇਸ਼ ਵਿੱਚ ਦੋ ਕਾਨੂੰਨ ਚੱਲ ਰਹੇ ਹਨ। ਬੰਦੀ ਸਿੱਖਾਂ ਬਾਰੇ ਸਰਕਾਰਾਂ ਫੈਸਲੇ ਨਹੀਂ ਲੈ ਰਹੀਆਂ। ਜੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ ? ਜੇ ਕਿਸੇ ਦੇਸ਼ ਵਿੱਚ ਹਰ ਧਰਮ ਲਈ ਵੱਖੋ-ਵੱਖਰੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਇਹ ਦੇਸ਼ ਅਖੰਡ ਕਿਵੇਂ ਰਹਿ ਸਕਦਾ ਹੈ ? ਜੇ ਇਸ ਦੇਸ਼ ਨੂੰ ਇਕਜੁੱਟ ਕਰਨਾ ਹੈ ਤਾਂ ਪੂਰੇ ਦੇਸ਼ ਨੂੰ ਪੱਖਪਾਤ ਤੋਂ ਮੁਕਤ ਹੋਣਾ ਪਵੇਗਾ।
ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੌਰਾਨ ਹਰਿਮੰਦਰ ਸਾਹਿਬ ਨੂੰ ਉਡਾਉਣ ਅਤੇ ਹਮਲਾ ਕਰਨ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਨੂੰ ਸੁਰੱਖਿਆ ਦਿੱਤੀ ਗਈ ਹੈ। ਇੰਨਾ ਹੀ ਨਹੀਂ ਸਿੱਖਾਂ ਦੀ ਨਸਲਕੁਸ਼ੀ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।ਦੂਜੇ ਪਾਸੇ ਜੇ ਹਿੰਦੂ ਤੀਰਥ ਅਸਥਾਨ ਨੂੰ ਉਡਾਉਣ ਦੀ ਇਹ ਧਮਕੀ ਕਿਸੇ ਗੈਰ-ਹਿੰਦੂ ਨੇ ਦਿੱਤੀ ਹੁੰਦੀ ਤਾਂ ਸ਼ਾਇਦ ਅੱਜ ਉਹ ਜੇਲ੍ਹ ਵਿੱਚ ਬੰਦ ਹੁੰਦਾ। ਪਰ ਸਿੱਖ ਮਾਮਲਿਆਂ ਵਿੱਚ ਅਜਿਹਾ ਨਹੀਂ ਹੋ ਰਿਹਾ। ਇਸ ਸਾਰੇ ਮਾਹੌਲ ਵਿੱੱਚ ਸਰਕਾਰਾਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Amritsar, Central government, Giani harpreet singh, Punjab government