
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ। (ਫਾਈਲ ਫੋਟੋ)
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਸੁਰੱਖਿਆ ਛਤਰੀ ਵਿਚੋਂ ਕੁਝ ਸੁਰੱਖਿਆ ਕਰਮਚਾਰੀ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ।
ਅੰਮ੍ਰਿਤਸਰ ਪੁੱਜੇ ਜਥੇਦਾਰ ਨੇ ਤੰਜ ਭਰੇ ਲਹਿਜ਼ੇ ਵਿਚ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਹੁਣ ਸਰਕਾਰੀ ਸੁਰੱਖਿਆ ਲੈਣ ਲਈ ਮਨ ਨਹੀਂ ਹੈ। ਉਨ੍ਹਾਂ ਸਾਰੇ ਸੁਰੱਖਿਆ ਕਰਮਚਾਰੀ ਅਤੇ ਵਾਹਨ ਵਾਪਸ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਘਟਾਉਣ ਸਬੰਧੀ ਉਨ੍ਹਾਂ ਦੇ ਦਫ਼ਤਰ ’ਚ ਫੋਨ ਰਾਹੀਂ ਸੂਚਿਤ ਕੀਤਾ ਗਿਆ ਸੀ।
ਇਸ ਤਹਿਤ ਤਿੰਨ ਸੁਰੱਖਿਆ ਕਰਮਚਾਰੀਆਂ ਨੂੰ ਵਾਪਸ ਸੱਦਿਆ ਗਿਆ ਸੀ। ਇਸ ਮਗਰੋਂ ਉਨ੍ਹਾਂ ਕੋਲ ਸਿਰਫ ਤਿੰਨ ਸਰਕਾਰੀ ਸੁਰੱਖਿਆ ਮੁਲਾਜ਼ਮ ਹੀ ਰਹਿ ਗਏ ਸਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਕੀ ਰਹਿ ਗਏ ਸੁਰੱਖਿਆ ਕਰਮਚਾਰੀ ਅਤੇ ਸਰਕਾਰ ਵਲੋਂ ਦਿੱਤਾ ਵਾਹਨ ਵੀ ਵਾਪਸ ਭੇਜਣ ਦਾ ਫੈਸਲਾ ਕੀਤਾ। ਜਦੋਂ ਮੀਡੀਆ ’ਚ ਰੌਲਾ ਪੈ ਗਿਆ ਤਾਂ ਸਰਕਾਰ ਵਲੋਂ ਤੁਰਤ ਫੈਸਲਾ ਬਦਲਿਆ ਗਿਆ ਅਤੇ ਸੁਰੱਖਿਆ ਬਹਾਲ ਕਰ ਦਿੱਤੀ।
ਭਾਵੇਂ ਸਰਕਾਰ ਨੇ ਫ਼ੈਸਲਾ ਪਲਟ ਦਿੱਤਾ ਪਰ ਜਥੇਦਾਰ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਉਹ ਬਿਨਾਂ ਸਰਕਾਰੀ ਸੁਰੱਖਿਆ ਦੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਜਲੰਧਰ ਅਤੇ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਵਲੋਂ ਮੁਹੱਈਆ ਕਰਵਾਏ ਗਏ ਸੁਰੱਖਿਆ ਕਰਮਚਾਰੀ ਹਾਜ਼ਰ ਹਨ।
ਜਥੇਦਾਰ ਨੇ ਕਿਹਾ,‘‘ਮੈਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਮੇਰੇ ਕੋਲ ਖਾਲਸਾ ਪੰਥ ਅਤੇ ਸਿੱਖ ਨੌਜਵਾਨਾਂ ਦੀ ਸੁਰੱਖਿਆ ਛਤਰੀ ਮੌਜੂਦ ਹੈ। ਸਰਕਾਰ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਕਿਸੇ ਹੋਰ ਮੰਤਵ ਲਈ ਵਰਤ ਸਕਦੀ ਹੈ।’’ ਅੰਮ੍ਰਿਤਸਰ ਪੁੱਜੇ ਜਥੇਦਾਰ ਨੇ ਤੰਜ ਭਰੇ ਲਹਿਜ਼ੇ ਵਿਚ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਉਨ੍ਹਾਂ ਦਾ ਹੁਣ ਸਰਕਾਰੀ ਸੁਰੱਖਿਆ ਲਈ ਮਨ ਨਹੀਂ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।