ਤਲਵੰਡੀ ਸਾਬੋ: ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਹੈ।
ਉਧਰ, ਸਰਕਾਰੀ ਸੁਰੱਖਿਆ ਵਾਪਸ ਹੁੰਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ।
ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ ਉਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਉਤੇ ਐੱਸਜੀਪੀਸੀ ਵੱਲ਼ੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਮੌਕੇ ਉਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਥਾਜ ਨਹੀਂ ਹੈ।
ਉਧਰ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਿੱਖ ਕੌਮ ਦੇ ਨੌਜਵਾਨ ਹੀ ਕਾਫੀ ਹਨ।
ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ 'ਚ ਸ਼ਾਮਲ ਨੌਜਵਾਨਾਂ ਨੇ ਸਵੇਰੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਲਈ ਅਸੀਂ ਸਾਰੇ ਸੁਰੱਖਿਆ ਕਰਮਚਾਰੀ ਵਾਪਸ ਭੇਜ ਦਿੱਤੇ ਹਨ। ਜਥੇਦਾਰ ਦੇ ਨਾਲ ਪੰਜਾਬ ਪੁਲਿਸ ਦੇ 6 ਮੁਲਾਜ਼ਮ ਤਾਇਨਾਤ ਹੁੰਦੇ ਹਨ।
ਦੱਸ ਦਈਏ ਕਿ ਸਰਕਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Giani harpreet singh