ਸ਼ਿਵਮ ਮਹਾਜਨ, ਲੁਧਿਆਣਾ:
ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ ਜਿਸਦੇ ਤਹਿਤ ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱਚੋਂ 688395 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜੋ ਕਿ ਫਸਲ ਦੀ ਆਮਦ ਦਾ ਲਗਭਗ 40 ਫੀਸਦ ਹੈ।
ਅੱਜ ਆਪਣੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਦੇ ਮੁਕਾਬਲੇ ਅਨਾਜ ਦੀ ਆਮਦ 711500 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 711500 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 688395 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 1101.05 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 89 ਫੀਸਦ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਿਹਾ ਕਿ ਹੁਣ ਜਦੋਂ ਅਨਾਜ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ ਤਾਂ ਖਰੀਦ ਕੀਤੇ ਗਏ ਅਨਾਜ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਹਰੇਕ ਏਜੰਸੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਨਾਜ ਮੰਡੀ ਵਿੱਚੋਂ ਚੁੱਕਿਆ ਗਿਆ ਅਨਾਜ ਮੰਡੀ ਵਿੱਚ ਆਉਂਦੇ ਸਾਰ ਹੀ ਉਸ ਦਾ ਕੋਟਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers, Ludhiana, Paddy, Punjab, Punjab farmers