ਕਰਨ ਵਰਮਾ,
ਮੋਹਾਲੀ: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੌਰਾਨ ਲੋਕਾਂ ਦੀ ਸਿਹਤ ਸੰਭਾਲ ਨਾਲ ਸਬੰਧਿਤ ਸਕੀਮਾਂ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਬਰਾੜ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਠੱਲ੍ਹ ਪੈਣ ਤੋਂ ਬਾਅਦ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਸਾਹਮਣੇ ਆ ਰਹੇ ਹਨ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਹਸਪਤਾਲ ਅਤੇ ਹੈਲਥ ਸੈਂਟਰਾਂ ਵਿੱਚ ਜਾ ਕੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾ ਲੈਣ ਇਹ ਸਹੂਲਤ ਸਿਹਤ ਕੇਂਦਰਾਂ ਵਿੱਚ ਹਰ ਰੋਜ਼ ਮੁਫ਼ਤ ਉਪਲਬਧ ਹੈ।
ਇਸ ਤੋਂ ਇਲਾਵਾ ਬਰਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਦੀ ਸਿਹਤ ਸੰਭਾਲ ਨਾਲ ਸਬੰਧਿਤ ਸਕੀਮਾਂ ਦਾ ਲਾਭ ਗਰਾਉਂਡ ਪੱਧਰ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਮੀਨੀ ਪੱਧਰ ਤੇ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਬਾਰੀਕੀ ਨਾਲ ਕਰਨ ਅਤੇ ਜਿੱਥੇ ਵੀ ਇਹ ਲਾਰਵਾ ਮਿਲਦਾ ਹੈ ਉੱਥੇ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ ਅਤੇ ਉਸ ਥਾਂ ਨਾਲ ਸਬੰਧਿਤ ਜ਼ਿੰਮੇਵਾਰ ਲੋਕਾਂ ਦਾ ਚਲਾਨ ਵੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਫ਼ਸਰ ਅਤੇ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਡੇਂਗੂ ਦੇ ਲਾਰਵੇ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਫੌਗਿਗ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਂਗੂ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਹੋ ਸਕੇ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ਼ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਟਾਇਰਾਂ, ਫ਼ਰਿਜਾਂ ਦੀਆਂ ਟਰੇਆਂ, ਗਮਲਿਆਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜਾਂ ਨਾ ਹੋਣ ਦਿੱਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, Covid, COVID-19, Mohali, Punjab, Vaccination