ਕਰਨ ਵਰਮਾ
ਮੋਹਾਲੀ: ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਕਾਰਪੋਰੇਸ਼ਨ ਤੋਂ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਕਰਜ਼ਾ ਮੁਆਫ਼ ਕਰਨ ਦੇ ਕੀਤੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਗਪਗ 10151 ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੀ ਹੈ
ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਮਿਤੀ 28 ਜੂਨ 2021 ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਕੇ ਰਾਹਤ ਦਿੱਤੀ ਗਈ ਹੈ, ਉਸੇ ਤਰਜ਼ ਉਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸਨ, ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਇਸ ਉਤੇ ਮੁੱਖ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਸਨ।
ਇੰਜ. ਸੂਦ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮੁਆਫ਼ ਕਰ ਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਸੀ। ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Loan waiver, Lockdown, Mohali, Punjab, Punjab government, Punjab politics