ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਤੋਂ ਬਚਾਓ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਕੌਰ ਦੀ ਪ੍ਰਧਾਨਗੀ ਹੇਠ ਫਲੱਡ ਕੰਟਰੋਲ ਦੀ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।
ਇਸ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਇਸ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਬਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਜਿਮੇਵਾਰੀ ਹੈ।
ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਢੁਕਵੇ ਪ੍ਰਬੰਧ ਕੀਤੇ ਜਾਣ ਤਾਂ ਜ਼ੋ ਲੋਕਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਕੀਤੀ ਜਾ ਸਕੇ। ਉਹਨਾਂ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਹਰੇ ਚਾਰੇ ,ਤੂੜੀ ਅਤੇ ਦਵਾਈਆਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਹੜ੍ਹਾਂ ਕਾਰਨ ਮਰੇ ਪਸ਼ੂਆਂ ਦੀ ਡਿਸਪੋਚ ਆਫ ਕਰਨ ਲਈ ਨਮਕ ਅਤੇ ਢੁਕਵੀਆਂ ਥਾਵਾਂ ਦੀ ਪਛਾਣ ਕਰ ਲਈ ਜਾਵੇ ਤਾਂ ਜੋ ਇਨ੍ਹਾਂ ਤੋ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਬਚਾਓ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਰਾਹਤ ਕੈਂਪ ਲਗਾਏ ਜਾਣ, ਕੈਂਪ ਦੇ ਨੋਡਲ ਅਫਸਰ ਲਗਾਏ ਜਾਣ ਅਤੇ ਜ਼ਰੂਰੀ ਵਸਤਾਂ ਜਿਵੇਂ ਟੈਂਟ, ਤਰਪਾਲਾਂ ਆਦਿ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਡਾਕਟਰਾਂ ਦੀਆਂ ਟੀਮਾਂ ਬਣਾਈਆਂ ਜਾਣ ਅਤੇ ਮੀਂਹ ਦੇ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਿਵੇਂ ਡੇਂਗੂ ਦੀ ਰੋਕਥਾਮ ਲਈ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਪੀਣ ਵਾਲੇ ਪਾਣੀ ਦੀ ਸੁੱਧੀਕਰਨ ਲਈ ਲਾਲ ਦਵਾਈ ਦੀ ਵਰਤੋਂ ਕੀਤੀ ਜਾਵੇ ਅਤੇ ਲੋੜੀਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਨਗਰ ਕੌਸਲ ਅਤੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੇ ਬਚਾਅ ਲਈ ਫੋਗਿੰਗ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।