ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਰੇ ਰਾਜਾਂ ਵਿਚ ਐਨਆਈਏ ਦਫ਼ਤਰ ਖੋਲ੍ਹਣ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਕੇਂਦਰੀ ਏਜੰਸੀ ਨੂੰ ਸੂਬਾ ਪੁਲਿਸ ਨਾਲੋਂ ਵੱਧ ਸ਼ਕਤੀਆਂ ਮਿਲ ਜਾਣਗੀਆਂ। ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਦਾ ਦੋਸ਼ ਲਗਾਇਆ ਹੈ।
ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਜਿਸ ਤਰ੍ਹਾਂ ਰਾਜਾਂ ਵਿੱਚ ਐੱਨਆਈਏ ਦੇ ਦਫ਼ਤਰ ਖੋਲ੍ਹਣ ਦਾ ਐਲਾਨ ਕੀਤਾ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਨੂੰਨ-ਵਿਵਸਥਾ ਭਵਿੱਖ ਵਿੱਚ ਰਾਜਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਰਹੇਗੀ।
ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੀ.ਬੀ.ਆਈ, ਈਡੀ ਤੇ ਹੋਰਨਾਂ ਕੇਂਦਰੀ ਏਜੰਸੀਆਂ ਦੀ ਸਿਆਸੀ ਵਿਰੋਧੀਆਂ ਦੇ ਖਿਲਾਫ਼ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਐੱਨ.ਆਈ.ਏ. ਦਾ ਸਿੱਧਾ ਦਖਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਇਸ ਮੀਟਿੰਗ ਵਿੱਚ ਮੌਜੂਦ ਸਨ, ਨੂੰ ਤੁਰਤ ਵਿਰੋਧ ਕਰਨਾ ਚਾਹੀਦਾ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਚੁੱਪ ਆਪਣੇ ਆਪ ਵਿਚ ਬਿਆਨ ਕਰਦੀ ਹੈ ਕਿ ਪੰਜਾਬ ਸਰਕਾਰ ਸੰਘੀ ਢਾਂਚੇ ਨੂੰ ਢਾਹ ਲਾਉਣ ਵਾਲੇ ਕਦਮ ਚੁੱਕ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਰੁਖ ਤੋਂ ਇੰਜ ਜਾਪਦਾ ਹੈ ਜਿਵੇਂ ਅਰਵਿੰਦ ਕੇਜਰੀਵਾਲ ਦੇ ਮੰਤਵ ਪੂਰਨ ਲਈ ਭਾਜਪਾ ਦੇ ਏਜੰਡੇ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਕਰਨਾ, ਬੀ.ਬੀ.ਐਮ.ਬੀ. ’ਤੇ ਕੇਂਦਰ ਸਰਕਾਰ ਦਾ ਅਧਿਕਾਰ ਕਾਇਮ ਹੋਣਾ ਤੇ ਹੁਣ ਕਾਨੂੰਨ ਵਿਵਸਥਾ ਵਿਚ ਕੇਂਦਰ ਸਰਕਾਰ ਦਾ ਸਿੱਧਾ ਦਖਲ ਹੋਣਾ ਸਾਬਤ ਕਰਦਾ ਹੈ ਕਿ ‘ਆਪ’ ਸਰਕਾਰ ਪੰਜਾਬ ਦੀ ਰਾਖੀ ਕਰਨ ਦੇ ਸਮਰੱਥ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਇਨ੍ਹਾਂ ਪੰਜਾਬੀਅਤ ਵਿਰੋਧੀ ਚਾਲਾਂ ਨੂੰ ਬਰਦਾਸ਼ਤ ਨਹੀਂ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Shiromani Akali Dal, Sukhbir Badal