ਆਸ਼ੀਸ਼ ਸ਼ਰਮਾ
ਬਰਨਾਲਾ: 32 ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 401ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਦੀਵਾਲੀ ਵਾਲੀ ਬੀਤੀ ਸ਼ਾਮ ਸੰਘਰਸ਼ੀ ਪਿੜਾਂ ਵਿੱਚ ਕਿਸਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੀਵੇ ਜਗਾਏ ਗਏ। ਧਰਨਾਕਾਰੀ ਮਰਦ ਔਰਤਾਂ,ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਧਰਨੇ ਵਾਲੀ ਥਾਂ 'ਤੇ ਪਹੁੰਚੀਆਂ ਅਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ। ਜਗਦੇ ਦੀਵੇ ਤੇ ਮੋਮਬੱਤੀਆਂ ਹੱਥਾਂ 'ਚ ਫੜ ਕੇ ਆਕਾਸ਼ ਗੁੰਜਾਊ ਨਾਹਰਿਆਂ ਨਾਲ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।
ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਭਲਕੇ 6 ਤਰੀਕ ਨੂੰ ਲੋਕ- ਕਵੀ ਸੰਤ ਰਾਮ ਉਦਾਸੀ ਦੀ ਬਰਸੀ ਧਰਨੇ ਵਾਲੀ ਥਾਂ 'ਤੇ ਹੀ ਮਨਾਈ ਜਾਵੇਗੀ। ਸੰਤ ਰਾਮ ਉਦਾਸੀ ਦੇ ਇਨਕਲਾਬੀ ਗੀਤ ਹੁਣ ਤੱਕ ਸੰਘਰਸ਼ੀ ਲੋਕਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। ਆਗੂਆਂ ਨੇ ਸਭ ਇਨਸਾਨ ਪਸੰਦ ਤੇ ਜਮਹੂਰੀ ਲੋਕਾਂ ਨੂੰ ਕੱਲ੍ਹ ਦੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਪੁਰਜੋਰ ਅਪੀਲ ਕੀਤੀ।
ਧਰਨੇ ਨੂੰ ਨਛੱਤਰ ਸਿੰਘ ਸਾਹੌਰ, ਰਣਧੀਰ ਸਿੰਘ ਰਾਜਗੜ, ਜਸਵੰਤ ਕੌਰ ਬਰਨਾਲਾ,ਧਰਮਪਾਲ ਕੌਰ, ਬਲਵੰਤ ਸਿੰਘ ਠੀਕਰੀਵਾਲਾ, ਕਾਕਾ ਸਿੰਘ ਫਰਵਾਹੀ, ਮੇਲਾ ਸਿੰਘ ਕੱਟੂ, ਹਰਚਰਨ ਸਿੰਘ ਚੰਨਾ, ਗੁਰਨਾਮ ਸਿੰਘ ਠੀਕਰੀਵਾਲਾ, ਬਲਵੀਰ ਕੌਰ ਕਰਮਗੜ੍ਹ, ਗੁਰਜੰਟ ਸਿੰਘ ਹਮੀਦੀ, ਅਮਰਜੀਤ ਕੌਰ ਨੇ ਸੰਬੋਧਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Bharti Kisan Union, Diwali, Farmers Protest, Kisan andolan, Martyr, Punjab, Punjab farmers, Tributes