ਗੁਰਦੀਪ ਸਿੰਘ
ਬੁੱਧਵਾਰ ਸ਼ਾਮ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਪੰਜ ਨਿਸ਼ਾਨਚੀ ਸਿੰਘ ਜੈ ਕਾਰਿਆਂ ਦੀ ਗੂੰਜ ’ਚ ਪੁਰਾਤਨ ਥੇਹ ਵੱਲ ਰਵਾਨਾ ਹੋਏ। ਥੇਹ ’ਤੇ ਪਹੁੰਚ ਕੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਜਿਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ਼ ’ਚ ਥੇਹ ’ਤੇ ਸਰਹਿੰਦ ਫ਼ਤਹਿ ਦਿਵਸ ਸਬੰਧੀ ਕੇਸਰੀ ਨਿਸ਼ਾਨ ਝੁਲਾਇਆ ਗਿਆ।
ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਦਸਮ ਪਿਤਾ ਸ਼੍ਰੀ ਗੋਬਿੰਦ ਸਿੰਘ ਜੀ ਨੇ ਮੁਗਲ ਹਕੂਮਤ ਤੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਨਾਂਦੇੜ ਸਾਹਿਬ ਤੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਕੁੱਝ ਸਿੰਘਾਂ ਸਮੇਤ ਭੇਜਿਆ ਸੀ ਜਿਨ੍ਹਾਂ ਚੱਪੜਚਿੜੀ ਦੇ ਮੈਦਾਨ ’ਚ ਮੁਗਲ ਹਕੂਮਤ ਨਾਲ ਜੰਗ ਲੜਕੇ 12 ਮਈ ਨੂੰ ਵਜ਼ੀਰ ਖਾਨ ਮਾਰ ਕੇ 13 ਮਈ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਆ ਕੇ ਪਹਿਲੇ ਸਿੱਖ ਰਾਜ ਦਾ ਕੇਸਰੀ ਨਿਸ਼ਾਨ ਝੁਲਾਇਆ ਸੀ ਅਤੇ ਦਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ ਸਨ। ਜਿਸ ਕਰਕੇ ਹਰ ਸਾਲ ਸਿੱਖ ਕੌਮ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੱਡੇ ਪੱਧਰ ’ਤੇ 12 ਤੋਂ 14 ਮਈ ਤਕ ਫ਼ਤਹਿਗੜ੍ਹ ਸਾਹਿਬ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ ਜਾਂਦਾ ਹੈ ਅਤੇ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ 13 ਮਈ ਚੱਪੜਚਿੜੀ ਤੋਂ ਫ਼ਤਹਿਗੜ੍ਹ ਸਾਹਿਬ ਤਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਮਹਾਮਾਰੀ ਕਾਰਨ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਇਕੱਠ ਅਤੇ ਕਿਸੇ ਤਰ੍ਹਾਂ ਦੇ ਸਮਾਗਮ ਨਾ ਕਰਨ ਦੇ ਜਾਰੀ ਕੀਤੇ ਆਦੇਸ਼ਾਂ ਮੁਤਾਬਕ ਇਹ ਸਮਾਗਮ ਸਰੀਰਕ ਦੂਰੀ ਰੱਖ ਕੇ ਛੋਟੇ ਪੱਧਰ ’ਤੇ ਮਨਾਏ ਜਾ ਰਹੇ ਹਨ ਤਾਂ ਕਿ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fateh Diwas, Fatehgarh Sahib