ਪੰਜਾਬ ਵਿਧਾਨ ਸਭਾ ਵੱਲੋਂ ‘ਇਕ ਵਿਧਾਇਕ-ਇਕ ਪੈਨਸ਼ਨ’ ਸਬੰਧੀ ਕਾਨੂੰਨੀ ਪ੍ਰਬੰਧ ਕਰਨ ਵਾਲੇ ਬਿੱਲ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ 25 ਮਾਰਚ ਨੂੰ ਸੂਬੇ ਦੇ ਵਿਧਾਇਕਾਂ ਨੂੰ ਸਿਰਫ਼ ਇੱਕੋ ਪੈਨਸ਼ਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਤੇ ਜੂਨ ’ਚ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਨੇ ਸੋਧ ਬਿੱਲ ਨੂੰ ਪਾਸ ਕਰ ਦਿੱਤਾ ਸੀ।
ਨਵੇਂ ਕਾਨੂੰਨ ਮੁਤਾਬਕ ਵਿਧਾਇਕੀ ਦੀ ਮਿਆਦ ਖ਼ਤਮ ਹੋਣ ਮਗਰੋਂ ਹੁਣ ਉਨ੍ਹਾਂ ਨੂੰ ਸਿਰਫ਼ 60 ਹਜ਼ਾਰ ਰੁਪਏ ਦੇ ਨਾਲ ਹੋਰ ਭੱਤਿਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਅਦਾਇਗੀ 75 ਹਜ਼ਾਰ ਰੁਪਏ ਦੇ ਕਰੀਬ ਮੰਨੀ ਜਾਂਦੀ ਹੈ।
ਇਸ ਫੈਸਲੇ ਨਾਲ ਸੂਬੇ ਦੇ ਜਿਨ੍ਹਾਂ ਸਿਆਸਤਦਾਨਾਂ ਨੂੰ ਵੱਡਾ ਵਿੱਤੀ ਝਟਕਾ ਲੱਗੇਗਾ, ਉਨ੍ਹਾਂ ਵਿੱਚ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸਰਵਣ ਸਿੰਘ ਫਿਲੌਰ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਤੋਤਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਬਾਦਲ, ਓਮ ਪ੍ਰਕਾਸ਼ ਸੋਨੀ, ਨਿਰਮਲ ਸਿੰਘ ਕਾਹਲੋਂ, ਬਲਬੀਰ ਸਿੰਘ ਘੁੰਨਸ, ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਆਦਿ ਸ਼ਾਮਲ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਹ 10 ਵਾਰੀ ਵਿਧਾਇਕ ਰਹੇ ਹੋਣ ਕਰਕੇ 5.25 ਲੱਖ ਰੁਪਏ ਦੀ ਪੈਨਸ਼ਨ ਦੇ ਹੱਕਦਾਰ ਸਨ।
ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਭਾਵੇਂ ਕੋਈ ਵੀ ਸਿਆਸਤਦਾਨ ਕਿੰਨੀ ਵਾਰ ਵਿਧਾਇਕ ਚੁਣਿਆ ਗਿਆ ਹੋਵੇ, ਉਸ ਨੂੰ ਇੱਕ ਹੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਪਵੇਗਾ। ਮੁੱਖ ਮੰਤਰੀ ਨੇ ਆਪਣੇ ਐਲਾਨ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਸੀ ਕਿ ਕਈ ਸਾਬਕਾ ਵਿਧਾਇਕਾਂ ਨੂੰ ਦੋ ਲੱਖ, 3 ਲੱਖ, 5 ਲੱਖ ਅਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਨੂੰ 7 ਲੱਖ ਰੁਪਏ ਤੱਕ ਪੈਨਸ਼ਨ ਮਿਲਦੀ ਹੈ।
ਇਸ ਤੋਂ ਪਹਿਲਾਂ ਮੌਜੂਦਾ ਵਿਵਸਥਾ ਮੁਤਾਬਕ ਜੇਕਰ ਕੋਈ ਦੋ ਵਾਰ ਵਿਧਾਇਕ ਰਹਿ ਜਾਂਦਾ ਹੈ ਤਾਂ ਉਸ ਨੂੰ 1.25 ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਹਰ ਇੱਕ ਟਰਮ ਵਿਚ 50 ਹਜ਼ਾਰ ਰੁਪਏ ਦਾ ਵਾਧਾ ਜੁੜਦਾ ਹੈ ਜੋ ਕਰੀਬ 66 ਫ਼ੀਸਦੀ ਬਣਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Donate a Pension, Harsimrat kaur badal, Manpreet Badal, Parkash Singh Badal, Sukhbir Badal