ਆਸ਼ੀਸ਼ ਸ਼ਰਮਾ
ਬਰਨਾਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਿਸ਼ਵਤਖੋਰੀ ਨੂੰ ਪੂਰੀ ਤਰਾਂ ਨੱਥ ਪਾਉਣ ਦਾ ਅਹਿਦ ਲਿਆ ਹੈ। ਇਸ ਲਈ ਕਿਸੇ ਵੀ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਹਦਾਇਤ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਕੀਤੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲੋਕਾਂ ਨੂੰ ਬੇਹੱਦ ਉਮੀਦਾਂ ਹਨ ਅਤੇ ਸਾਰੇ ਅਧਿਕਾਰੀਆਂ-ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਇਨਾਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਆਮ ਲੋਕਾਂ ਦੇ ਕੰਮ ਤਰਜੀਹੀ ਆਧਾਰ ’ਤੇ ਹੋਣ, ਇਹ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਮੀਤ ਹੇਅਰ ਨੇ ਜਿੱਥੇ ਵੱਖ ਵੱਖ ਵਿਭਾਗਾਂ ਦੇ ਚੱਲਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉਥੇ ਜ਼ਿਲਾ ਅਧਿਕਾਰੀਆਂ ਨੂੰ ਦਿੱਤੇ ਹੋਰ ਜ਼ਿਲਿਆਂ ਦੇ ਵਾਧੂ ਚਾਰਜਾਂ ਬਾਰੇ ਵੀ ਰਿਪੋਰਟ ਲਈ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬਰਨਾਲਾ ਦਫਤਰਾਂ ਵਿਖੇ ਤਾਇਨਾਤੀ ਲਈ ਕਵਾਇਦ ਵਿੱਢੀ ਜਾਵੇਗੀ ਤਾਂ ਜੋ ਬਰਨਾਲਾ ਦੇ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨਾਂ ਕਿਹਾ ਕਿ ਭਿ੍ਰਸ਼ਟਾਚਾਰ ਪ੍ਰਤੀ ਸਰਕਾਰ ਦੀ ‘ਨੋ ਟੌਲਰੈਂਸ’ ਨੀਤੀ ਹੈ, ਇਸ ਲਈ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨਾਂ ਵੱਖ ਵੱਖ ਵਿਭਾਗਾਂ ਦੇ ਬਕਾਇਆ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਆਖਿਆ ਕਿ ਸਾਰੇ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ।
ਉਨਾਂ ਕਣਕ ਦੇ ਸੁਖਾਵੇਂ ਖਰੀਦ ਪ੍ਰਬੰਧਾਂ ਲਈ ਤਿਆਰੀਆਂ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ ਤੇ ਆਖਿਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ’ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ, ਵਧੀਕ ਡਿਪਟੀ ਕਮਿਸ਼ਨ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ (ਡੀ) ਅਨਿਲ ਕੁਮਾਰ, ਐਸਪੀ (ਐਚ) ਕੁਲਦੀਪ ਸਿੰਘ ਸੋਹੀ, ਐਸਪੀ (ਪੀਬੀਆਈ) ਹਰਵੰਤ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Barnala, Corruption, Gurmeet Singh Meet Hayer