ਕੈਪਟਨ ਨੇ ਪੰਚਾਂ ਤੇ ਸਰਪੰਚਾਂ ਨੂੰ ਸਹੁੰ ਚੁਕਾਉਣ ਵੇਲੇ ਦਿੱਤੀ ਇਹ ਸਲਾਹ


Updated: January 11, 2019, 5:49 PM IST
ਕੈਪਟਨ ਨੇ ਪੰਚਾਂ ਤੇ ਸਰਪੰਚਾਂ ਨੂੰ ਸਹੁੰ ਚੁਕਾਉਣ ਵੇਲੇ ਦਿੱਤੀ ਇਹ ਸਲਾਹ

Updated: January 11, 2019, 5:49 PM IST
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ।

ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਇਹ ਪਹਿਲੀ ਜ਼ਿੰਮੇਵਾਰੀ ਹੈ, ਜਿਹੜੀ ਮੈਂ ਤੁਹਾਨੂੰ ਸੌਂਪ ਰਿਹਾ ਹਾਂ।'' ਨਸ਼ਿਆਂ ਦੇ ਲਾਹਨਤ ਨਾਲ ਇਕ ਪੂਰੀ ਪੀੜ੍ਹੀ ਬਰਬਾਦ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਉਨ੍ਹਾਂ ਨੇ ਸਹੁੰ ਖਾਧੀ ਸੀ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਵਿੱਚ ਵੱਡੀ ਸਫਲਤਾ ਕੀਤੀ ਹੈ। ਮੁੱਖ ਮੰਤਰੀ ਨੇ ਚੁਣੇ ਹੋਏ ਮੈਂਬਰਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਡੈਪੋ ਅਤੇ ਬੱਡੀ ਪ੍ਰੋਗਰਾਮਾਂ ਦੇ ਨਾਲ-ਨਾਲ ਓ.ਓ.ਏ.ਟੀ. ਕਲੀਨਿਕ ਬਹੁਤ ਕਾਮਯਾਬ ਸਿੱਧ ਹੋਏ ਹਨ ਅਤੇ ਹੁਣ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ (ਚੁਣੇ ਹੋਏ ਨੁਮਾਇੰਦਿਆਂ) ਦੇ ਮੋਢਿਆਂ 'ਤੇ ਹੈ।

ਸਮਾਗਮ ਮੌਕੇ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਦੀ ਇਸ ਚੋਣ ਨਾਲ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਇਆ ਹੈ। ਸ. ਬਾਜਵਾ ਨੇ ਵੀ ਨਵੇਂ ਚੁਣੇ ਇਨ੍ਹਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਿਰ ਪਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ। ਉਨ੍ਹਾਂ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਵਿਕਾਸ ਲਈ ਪਿਛਲੇ 6 ਮਹੀਨਿਆਂ ਤੋਂ ਸਾਂਭੇ ਹੋਏ ਕਰੀਬ 700 ਕਰੋੜ ਰੁਪਏ ਦੇ ਫੰਡ ਮੁੱਖ ਮੰਤਰੀ ਬਹੁਤ ਜਲਦ ਜਾਰੀ ਕਰਨਗੇ। ਪੰਚਾਇਤ ਮੰਤਰੀ ਸ. ਬਾਜਵਾ ਨੇ ਇਸ ਗੱਲ ਉਪਰ ਵੀ ਜ਼ੋਰ ਦਿੱਤਾ ਕਿ ਪੰਚਾਇਤਾਂ, ਦਿਹਾਤੀ ਖੇਤਰਾਂ ਦੇ ਸਮੁੱਚੇ ਵਿਕਾਸ ਦੀ ਆਪਣੀ ਭੂਮਿਕਾ ਨੂੰ ਅੱਗੇ ਹੋ ਕੇ ਨਿਭਾਉਣ ਤਾਂ ਕਿ ਪਿੰਡਾਂ ਦੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮਿਲ ਸਕਣ ਅਤੇ ਸ਼ਹਿਰਾਂ 'ਚ ਆਵਾਸ ਕਰਨ ਦੀ ਹੋੜ 'ਤੇ ਰੋਕ ਲੱਗ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਿਹਗੜ੍ਹ÷  ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਫ਼ਤਿਹਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
First published: January 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ