ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਗਲੀ ਪੀੜ੍ਹੀ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ, ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੌਜੂਦਾ ਪੀੜ੍ਹੀ ਵੀ ਬਰਬਾਦ ਹੋ ਰਹੀ ਹੈ। ਤੁਹਾਡੇ ਇੱਕ ਸਾਲ ਦੇ ਸ਼ਾਸਨ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ।
ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ ਕਿ 'ਆਪ' ਦੇ ਇਕ ਸਾਲ ਦੇ ਸ਼ਾਸਨ ਦੌਰਾਨ ਜਿਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਹੋਏ ਹਨ, ਪਹਿਲਾਂ ਕਦੇ ਨਹੀਂ ਦੇਖੇ ਗਏ। ਮਾਨਸਾ ਜ਼ਿਲ੍ਹੇ ਵਿੱਚ ਬੀਤੀ ਰਾਤ ਛੇ ਸਾਲਾ ਬੱਚੇ ਉਦੈਵੀਰ ਸਿੰਘ ਦਾ ਉਸ ਵੇਲੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਪਿਤਾ ਅਤੇ ਭੈਣ ਨਾਲ ਘਰ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਕੀ ਉਹ (ਮੁੱਖ ਮੰਤਰੀ ਮਾਨ) ਆਉਣ ਵਾਲੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਇਸ ਤਰ੍ਹਾਂ ਕੰਮ ਕਰ ਰਹੇ ਹਨ? ਜਾਪਦਾ ਹੈ ਕਿ ਉਸ ਨੇ ਰਾਜ ਦੇ ਅਪਰਾਧੀਆਂ ਨੂੰ ਖੁੱਲ੍ਹਾ ਹੱਥ ਦੇ ਦਿੱਤਾ ਹੈ। ਜਦੋਂ ਤੋਂ 'ਆਪ' ਸਰਕਾਰ ਸੱਤਾ 'ਚ ਆਈ ਹੈ, ਬੰਦੂਕ ਨਾਲ ਸਬੰਧਤ ਅਪਰਾਧਾਂ 'ਚ ਵਾਧਾ ਹੋ ਰਿਹਾ ਹੈ। ਇੱਥੋਂ ਤੱਕ ਕਿ ਮਾਮੂਲੀ ਅਪਰਾਧੀਆਂ ਕੋਲ ਆਧੁਨਿਕ ਹਥਿਆਰਾਂ ਦੀ ਪਹੁੰਚ ਹੈ। ਬਾਜਵਾ ਨੇ ਅੱਗੇ ਕਿਹਾ, ਕੀ ਆਮ ਆਦਮੀ ਪਾਰਟੀ ਆਉਣ ਵਾਲੀਆਂ ਪੀੜ੍ਹੀਆਂ ਲਈ ਅਜਿਹੀ ਮਿਸਾਲ ਕਾਇਮ ਕਰਨ ਜਾ ਰਹੀ ਹੈ?
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਨਿਘਾਰ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ,''ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਨੌਜਵਾਨ ਚੌਕ 'ਚ ਬੈਠ ਕੇ ਨਸ਼ੇ ਦੇ ਟੀਕੇ ਲਗਾ ਰਿਹਾ ਹੈ।ਵੀਡੀਓ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਦੀ ਦੱਸੀ ਜਾ ਰਹੀ ਹੈ। ਕੀ ਉਹ ਨੌਜਵਾਨਾਂ ਦਾ ਭਵਿੱਖ ਬਣਾਉਣ ਦੀ ਯੋਜਨਾ ਇੰਝ ਬਣਾ ਰਹੇ ਹਨ।
ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨਾਲ ਨਜਿੱਠਣ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਸੂਬੇ ਵਿੱਚ ਨਸ਼ਾਖੋਰੀ ਜਾਰੀ ਹੈ।
ਉਨ੍ਹਾਂ ਕਿਹਾ, 'ਪੰਜਾਬ ਦੇ ਮੁੱਖ ਮੰਤਰੀ ਨੌਜਵਾਨਾਂ ਦੀ ਖੁਸ਼ਹਾਲੀ ਲਿਆਉਣ ਦੇ ਝੂਠੇ ਦਾਅਵੇ ਕਰ ਰਹੇ ਹਨ, ਹਾਲਾਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ। ਅਸਲ ਵਿੱਚ 'ਆਪ' ਸਰਕਾਰ ਕੋਲ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕੋਈ ਰੋਡਮੈਪ ਨਹੀਂ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Partap Singh Bajwa