ਜਤਿਨ ਸ਼ਰਮਾ
ਪਠਾਨਕੋਟ: ਸਿਹਤ ਵਿਭਾਗ ਪਠਾਨਕੋਟ ਵੱਲੋਂ ਕੋਟਪਾ ਐਕਟ 2003 ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਮੀਟਿੰਗ ਹਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਸ: ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤੀ। ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ: ਅਮਰੀਕ ਸਿੰਘ ਖੇਤੀਬਾੜੀ ਅਫ਼ਸਰ ਪਠਾਨਕੋਟ, ਹਰੀਸ ਮੋਹਨ ਪਿ੍ੰਸੀਪਲ ਆਈ.ਟੀ.ਆਈ ਲੜਕੇ ਪਠਾਨਕੋਟ, ਜਸਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਅਤੇ ਸਿਹਤ ਵਿਭਾਗ ਪਠਾਨਕੋਟ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ 'ਤੇ ਪਾਬੰਦੀ ਲਗਾਈ ਹੋਈ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ 'ਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਉਪਰੋਕਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਕੀਤਾ ਜਾਵੇਗਾ | ਉਨ੍ਹਾਂ ਨਿਗਮ ਪਠਾਨਕੋਟ, ਖੇਤੀਬਾੜੀ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਜੇਕਰ ਕੋਈ ਵਿਅਕਤੀ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਦਾ ਪਾਇਆ ਗਿਆ ਤਾਂ ਉਸ ਦਾ ਐਕਟ ਤਹਿਤ ਚਲਾਨ ਕੱਟਿਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕਿਸੇ ਵੀ ਵਿੱਦਿਅਕ ਅਦਾਰੇ ਦੀ ਬਾਹਰਲੀ ਕੰਧ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰਟ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਟੀਮਾਂ ਬਣਾ ਕੇ ਵਿੱਦਿਅਕ ਅਦਾਰਿਆਂ ਦੇ ਨੇੜੇ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਵੀ ਪਠਾਨਕੋਟ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਨੌਜਵਾਨਾਂ ਨੂੰ ਤੰਬਾਕੂ ਦੇ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pathankot, Punjab