ਮਨੋਜ ਸ਼ਰਮਾ
ਪਟਿਆਲਾ: ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਅਕਾਲੀ ਦਲ ਵੱਲੋਂ ਦਿੱਤੇ ਗਏ ਇਸ ਮੰਗ ਪੱਤਰ ਵਿਚ ਉਨ੍ਹਾਂ ਨੇ ਬਿਜਲੀ ਦੀ ਸਮੱਸਿਆ, ਕਿਸਾਨਾਂ ਨੂੰ ਮੁਆਵਜ਼ੇ, ਅਮਨ ਅਤੇ ਕਾਨੂੰਨ ਦੀ ਵਿਵਸਥਾ, ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ, ਆਦਿ ਕਈ ਹੋਰ ਭਖਦੇ ਮਸਲਿਆਂ ਨੂੰ ਲੈ ਕੇ ਜ਼ਿਕਰ ਕੀਤਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸੀ ਅਤੇ ਕੇਜਰੀਵਾਲ ਵੱਲੋਂ ਬਹੁਤ ਗਰੰਟੀਆਂ ਵੱਲੋਂ ਦਿੱਤੀਆਂ ਗਈਆਂ ਸੀ। ਪਰ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਉਥੇ ਹੀ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਜਿੱਥੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਉਥੇ ਹੀ ਸ਼ਹਿਰ ਦੇ ਵਿੱਚ ਵੀ ਬਿਜਲੀ ਦੇ ਲੰਬੇ-ਲੰਬੇ ਕੱਟ ਲੱਗ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਹੋਈਆਂ ਫ਼ਸਲਾਂ ਸਬੰਧੀ ਕੋਈ ਵੀ ਮੁਆਵਜ਼ਾ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਰੱਖੜਾ ਨੇ ਕਿਸਾਨਾਂ ਨਾਲ ਬਿਜਲੀ ਸ਼ਡਿਊਲ ਨੂੰ ਲੈ ਕੇ ਹੋਈ ਮੀਟਿੰਗ ਬਾਰੇ ਬੋਲਦਿਆਂ ਕਿਹਾ ਕਿ ਬਿਨਾਂ ਕਿਸਾਨਾਂ ਨਾਲ ਗੱਲਬਾਤ ਕੀਤੇ ਝੋਨੇ ਦੀ ਬਿਜਾਈ ਸਬੰਧੀ ਬਿਜਲੀ ਵਿਭਾਗ ਵੱਲੋਂ ਜੋ ਸ਼ਡਿਊਲ ਜਾਰੀ ਕੀਤਾ ਗਿਆ ਉਸ ਨੂੰ ਕਿਸਾਨਾਂ ਨੇ ਨਾਮਨਜ਼ੂਰ ਕਰ ਦਿੱਤਾ ਤੇ ਅਕਾਲੀ ਦਲ ਵੀ ਕਿਸਾਨਾ ਦੇ ਨਾਲ ਖੜ੍ਹਾ ਹੈ।
ਉੱਥੇ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ ਰਿਮੋਟ ਕੰਟਰੋਲ ਨਾਲ ਚੱਲ ਰਿਹਾ ਅਤੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ। ਉੱਥੇ ਹੀ ਪੰਜਾਬ ਦੇ ਕਿਸਾਨ ਗਹਿਰੀ ਚਿੰਤਾ ਵਿੱਚ ਨੇ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਛੱਡ ਕੇ ਪੰਜਾਬ ਦਾ ਮੁੱਖ ਮੰਤਰੀ ਗੁਜਰਾਤ ਹਿਮਾਚਲ ਦੀਆਂ ਵਾਦੀਆਂ ਵਿੱਚ ਪੰਜਾਬ ਦੇ ਕਰੋੜਾਂ ਰੁਪਏ ਖਰਚ ਕੇ ਸੈਰ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਭੱਖਦੇ ਮਸਲਿਆਂ ਦਾ ਕੋਈ ਹੱਲ ਨਾ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਵੀ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਦੱਸ ਦੇਈਏ ਕੀ ਅੱਜ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਗਏ ਹਨ। ਇਸਦੇ ਨਾਲ ਹੀ ਪਟਿਆਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਲੀਡਰਾਂ ਵਲੋਂ ਰਾਜਪਾਲ ਦੇ ਨਾਂ ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Banwarilal Purohit, Patiala, Prem Singh Chandumajra, Punjab, Shiromani Akali Dal