ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ।
ਇਹ ਸੁੰਦਰੀਕਰਨ ਯੋਜਨਾ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇੱਥੇ ਚੱਲ ਰਹੇ ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ।
ਜੱਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੱਸਿਆ ਕਿ ਇਸ ਉਦਘਾਟਨੀ ਸਮਾਗਮ ਵਿੱਚ ਸਾਰੀਆਂ ਸ਼ਖ਼ਸੀਅਤਾਂ ਵਰਚੁਅਲ ਤੌਰ ’ਤੇ ਹੀ ਸ਼ਾਮਲ ਹੋਣਗੀਆਂ, ਅਜਿਹਾ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ।
ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jallianwala Bagh, Modi government, Narendra modi