ਪੁਲਿਸ ਨੂੰ ਕਿਸਾਨ ਅੰਦੋਲਨ ਬਾਰੇ ਖੁਫੀਆ ਜਾਣਕਾਰੀ ਦੇਣ ਲਈ ਕਿਹਾ ਸੀ: ਕੈਪਟਨ

News18 Punjabi | News18 Punjab
Updated: January 9, 2021, 9:03 AM IST
share image
ਪੁਲਿਸ ਨੂੰ ਕਿਸਾਨ ਅੰਦੋਲਨ ਬਾਰੇ ਖੁਫੀਆ ਜਾਣਕਾਰੀ ਦੇਣ ਲਈ ਕਿਹਾ ਸੀ: ਕੈਪਟਨ
ਪੁਲਿਸ ਨੂੰ ਕਿਸਾਨ ਅੰਦੋਲਨ ਬਾਰੇ ਖੁਫੀਆ ਜਾਣਕਾਰੀ ਦੇਣ ਲਈ ਕਿਹਾ ਸੀ: ਕੈਪਟਨ( ਫਾਈਲ ਫੋਟੋ)

  • Share this:
  • Facebook share img
  • Twitter share img
  • Linkedin share img
ਸਾਰੇ ਇਲਜ਼ਾਮਾਂ ਅਤੇ ਰਿਪੋਰਟਾਂ ਨੂੰ ਪੂਰੀ ਤਰਾਂ ਬੇਬੁਨਿਆਦ ਅਤੇ ਬਦਨੀਅਤੀ ਤੋਂ ਪ੍ਰੇਰਿਤ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੀ ਸਰਹੱਦ ’ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਦੀ ਤਾਇਨਾਤੀ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਿਸਾਨਾਂ ਵੱਲੋਂ ਦਿੱਲੀ ਸਰਹੱਦ ਤੋਂ ਕਾਫੀ ਪਹਿਲਾਂ ਦੇ ਸਮੇਂ ਤੋ ਹੀ ਮੁਜ਼ਾਹਰੇ ਕੀਤੇ ਜਾ ਰਹੇ ਹਨ, ਇਸ ਲਈ ਉਨਾਂ ਨੇ ਸੁਭਾਵਿਕ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਸਿਰਫ ਕੌਮੀ ਰਾਜਧਾਨੀ ਦਿੱਲੀ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਦੀ ਸਥਿਤੀ ਬਾਰੇ ਨਿਯਮਿਤ ਰੂਪ ਵਿੱਚ ਤਾਜ਼ਾ ਹਾਲਾਤ ਦੀ ਜਾਣਕਾਰੀ ਅਤੇ ਖੁਫੀਆ ਰਿਪੋਰਟਾਂ ਦੇਣ ਲਈ ਕਿਹਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ’ਤੇ ਪੰਜਾਬ ਦੇ ਕੁਝ ਕੁ ਪੁਲਿਸਕਰਮੀਆਂ ਦੀ ਮੌਜੂਦਗੀ ਦਾ ਗਲਤ ਮਤਲਬ ਕੱਢ ਕੇ ਇਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਾਲਾਤ ’ਤੇ ਨਜ਼ਰ ਰੱਖਣਾ ਸੂਬੇ ਦੀ ਪੁਲਿਸ ਦਾ ਕੰਮ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਸਾਰੀ ਸਥਿਤੀ ਤੋਂ ਜਾਣੂੰ ਹੋਣਾ ਉਨਾਂ ਦੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨੇ ਕਿਹਾ, ‘‘ ਜੋ ਕੋਈ ਵੀ ਇਹ ਸਮਝਦਾ ਹੈ ਕਿ ਗਿਣਤੀ ਦੇ ਪੁਲਿਸ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਸਕਦੇ ਹਨ ਜਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧਾਂ ਦੇ ਸੁਝਾਵਾਂ ਨੂੰ ਮੰਨਣ ਲਈ ਕਿਸਾਨ ਆਗੂਆਂ ਨੂੰ ਰਾਜ਼ੀ ਕਰ ਸਕਦੇ ਹਨ, ਤਾਂ ਉਹ ਬਿਲਕੁਲ ਹੀ ਨਾ-ਸਮਝ ਹੈ। ਉਨਾਂ ਅੱਗੇ ਕਿਹਾ ਕਿ ਜਦੋਂ ਕਿ ਕੇਂਦਰ ਸਰਕਾਰ ਦੇ ਚੋਟੀ ਦੇ ਆਗੂ ਮੌਜੂਦਾ ਸਮੇਂ ਦੌਰਾਨ ਗੱਲਬਾਤ ਦੀ ਪ੍ਰਕਿਰਿਆ ਵਿੱਚ ਸ਼ਾਮਲ ਹਨ ਤਾਂ ਉਨਾਂ (ਕੈਪਟਨ ਅਮਰਿੰਦਰ ਸਿੰਘ) ਦੇ ਇਸ ਵਿੱਚ ਸ਼ਮੂਲੀਅਤ ਕਰਨ ਦਾ ਸਵਾਲ ਕਿੱਥੋਂ ਪੈਦਾ ਹੁੰਦਾ ਹੈ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੇ ਇਨਾਂ ਦੋਵਾਂ ਦੇ ਪਾਰਟੀ ਕਾਰਕੁੰਨ ਝੂਠ ਅਤੇ ਫਰੇਬ ਦਾ ਆਸਰਾ ਲੈ ਕੇ ਆਪਣੀਆਂ ਉਨਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ ਜਿਸ ਦਾ ਸਾਹਮਣਾ ਇਨਾਂ ਨੂੰ ਖੇਤੀ ਕਾਨੂੰਨਾਂ ਦੁਆਰਾ ਪੈਦਾ ਹੋਏ ਸਮੁੱਚੇ ਸੰਕਟ ਦੌਰਾਨ ਕਰਨਾ ਪਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਬੇਤੁਕੇ ਦਾਅਵੇ ਕਿ ਪੰਜਾਬ ਵਿਧਾਨ ਸਭਾ ਵਿੱਚ ਤਿੰਨ ਖੇਤੀ ਬਿਲਾਂ ਖਿਲਾਫ ਪਾਸ ਕੀਤੇ ਗਏ ਮਤੇ ਰਾਜਪਾਲ ਨੂੰ ਨਹੀਂ ਭੇਜੇ ਗਏ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਆਪਣਾ ਸੰਤੁਲਨ ਗਵਾ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ, ‘‘ ਜਾਂ ਸ਼ਾਇਦ ਉਹ ਗੰਭੀਰ ਤੌਰ ’ਤੇ ਭੁੱਲਣ ਦੀ ਬਿਮਾਰੀ ਦੇ ਸ਼ਿਕਾਰ ਹਨ ਕਿਉਂ ਜੋ ਉਨਾਂ ਦੀ ਪਾਰਟੀ ਦੇ ਸਾਥੀ ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਸਨ, ਮੇਰੇ ਨਾਲ ਮਤਾ ਅਤੇ ਤਿੰਨਾਂ ਸੂਬਾਈ ਸੋਧ ਬਿਲਾਂ ਨੂੰ ਰਾਜਪਾਲ ਨੂੰ ਸੌਂਪਣ ਲਈ ਰਾਜਭਵਨ ਗਏ ਸਨ।

ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਬਿਮਾਰੀ ਤੋਂ ਨਿਜਾਤ ਪਾਉਣ ਲਈ ਡਾਕਟਰੀ ਸਲਾਹ ਲੈਣ। ਉਨਾਂ ਆਪਸੀ ਵਿਰੋਧ ਵਾਲੀਆਂ ਟਿੱਪਣੀਆਂ ਕਰਨ ਲਈ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਰਾਜਪਾਲ ਦੀ ਮਨਜ਼ੂਰੀ ਦੇ ਮੁੱਦੇ ਸਬੰਧੀ ਵੀ ਨਿਸ਼ਾਨੇ ’ਤੇ ਲਿਆ।
Published by: Gurwinder Singh
First published: January 9, 2021, 9:02 AM IST
ਹੋਰ ਪੜ੍ਹੋ
ਅਗਲੀ ਖ਼ਬਰ