ਚੰਡੀਗੜ੍ਹ: Praneet Kaur suspended from Congress: ਕਾਂਗਰਸ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਉਂਦਿਆਂ ਬਰਖਾਸਤ ਕਰ ਦਿੱਤਾ ਹੈ। ਇਸਦੇ ਨਾਲ ਹੀ ਮੈਂਬਰ ਪਾਰਲੀਮੈਂਟ ਨੂੰ ਜਵਾਬ ਤਲਬ ਕਰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਤਿੰਨ ਦਿਨਾਂ ਅੰਦਰ ਪਾਰਟੀ ਕੋਲ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਪਾਰਟੀ ਨੇ ਮੈਂਬਰ ਪਾਰਲੀਮੈਂਟ ਦੀ ਇਹ ਮੁਅੱਤਲੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦੇ ਕੀਤੀ ਹੈ।
ਜਾਰੀ ਨੋਟਿਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ 'ਤੇ ਭਾਜਪਾ ਦੀ ਮਦਦ ਦਾ ਦੋਸ਼ ਲਾਇਆ ਗਿਆ ਹੈ। ਨੋਟਿਸ ਰਾਹੀਂ ਪੁੱਛਿਆ ਗਿਆ ਹੈ ਕਿ ਆਖਿਰ ਕਿਉਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਨਾ ਕੀਤਾ ਜਾਵੇਗਾ?
ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਕੌਰ ਭਾਜਪਾ ਦੀ ਮਦਦ ਕਰਨ ਦੇ ਉਦੇਸ਼ ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੀ ਹੈ। ਇਹ ਵੀ ਕਿਹਾ ਗਿਆ ਹੈ ਕਿ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੇ ਵੀ ਅਜਿਹੀਆਂ ਸ਼ਿਕਾਇਤਾਂ ਕੀਤੀਆਂ ਸਨ।
ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਪ੍ਰਨੀਤ ਕੌਰ ਨੂੰ ਲਗਾਤਾਰ ਕੱਢਣ ਦੀ ਮੰਗ ਕੀਤੀ ਜਾ ਰਹੀ ਸੀ। ਪਿਛਲੇ ਦਿਨਾਂ ਵਿੱਚ ਭਾਰਤ ਜੋੜੋ ਰੈਲੀ ਦੌਰਾਨ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਿਥੇ ਪਾਰਟੀ ਦਾ ਗੱਦਾਰ ਕਰਾਰ ਦਿੱਤਾ ਸੀ, ਉਥੇ ਰਾਹੁਲ ਗਾਂਧੀ ਕੋਲ ਪ੍ਰਨੀਤ ਕੌਰ ਨੂੰ ਵੀ ਕੱਢਣ ਲਈ ਕਿਹਾ ਸੀ।
ਕੈਪਟਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਾਜਪਾ ਵਿੱਚ ਸ਼ਮੂਲੀਅਤ ਪਿੱਛੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ, ਜਿਸ ਬਾਰੇ ਕਿਹਾ ਜਾ ਰਿਹਾ ਸੀ ਕਿ ਉਹ ਭਾਜਪਾ ਦੀ 29 ਜਨਵਰੀ ਨੂੰ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋ ਸਕਦੇ ਹਨ, ਹਾਲਾਂਕਿ ਰੈਲੀ ਕਿਸੇ ਕਾਰਨ ਕਰਕੇ ਰੱਦ ਕਰ ਦਿੱਤੀ ਗਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain Amarinder Singh, Congress, Parneet Kaur, Punjab Congress