ਅਸ਼ਫਾਕ ਢੁੱਡੀ
ਸ੍ਰੀ ਮੁਕਤਸਰ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ, ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪੇ ਗਏ ।
ਇਸ ਪ੍ਰੋਗਰਾਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਿੱਖ ਸੰਗਤਾਂ ਵੱਲੋਂ ਇਕੱਤਰਤਾ ਕਰਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਗੁਰਪਾਲ ਗੋਰਾ, ਅਵਤਾਰ ਸਿੰਘ ਵਣਵਾਲਾ ਅਤੇ ਰੇਸ਼ਮ ਸਿੰਘ ਮੈਨੇਜਰ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਮੌਜੂਦ ਰਹੇ। ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ, ਭਾਰਤ ਸਰਕਾਰ ਦੇ ਨਾਮ ਉਤੇ ਐਸ.ਡੀ.ਐਮ ਸਵਰਨਜੀਤ ਕੌਰ ਨੂੰ ਮੰਗ ਪੱਤਰ ਸੌਪਿਆਂ ਗਿਆ।
ਇਸ ਸਮੇਂ ਬੁਲਾਰਿਆ ਨੇ ਕਿਹਾ ਕਿ ਆਜਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।
ਦੇਸ ਦੀ ਆਜਾਦੀ ਤੋਂ ਬਾਅਦ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਪਾਕਿਸਤਾਨ ਤੇ ਚੀਨ ਦੇ ਹਮਲਿਆਂ ਵਿਚ ਵੀ ਸਿੱਖ ਜਗਤ ਨੇ ਆਪਣੀਆਂ ਜਾਨਾਂ ਉਤੇ ਖੇਡ ਕੇ ਭਾਰਤ ਦੀ ਰਾਖੀ ਕੀਤੀ ਅਤੇ ਸ਼ਹਾਦਤਾਂ ਦੇ ਕੇ ਦੇਸ਼ ਦੀ ਅਣਖ ਤੇ ਗੈਰਤ ਨੂੰ ਕਾਇਮ ਰਖਿਆ, ਰੱਖ ਰਹੇ ਹਨ। ਵੱਡੀਆਂ ਕੁਰਬਾਨੀਆਂ ਤੋਂ ਬਾਅਦ ਵੀ ਅਜਾਦ ਦੇਸ਼ ਵਿਚ ਸਿੱਖ ਕੌਮ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ ਹੈ।
ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਦੁੱਖ ਤਾਂ ਇਸ ਗੱਲ ਦਾ ਹੈ ਕਿ ਬਹੁਤ ਸਾਰੇ ਸਿੱਖ ਕੈਦੀਆਂ ਨੂੰ ਉਮਰ ਕੈਦ ਤੋਂ ਦੁਹਰਾ ਸਮਾਂ ਜੇਲ੍ਹਾਂ ਅੰਦਰ ਕੱਟਿਆ ਹੈ।
ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈਗੁਰਮੀਤ ਸਿੰਘ, ਭਾਈ ਸਮਸੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰ ਸਿੱਖ ਸ਼ਾਮਲ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੰਗ ਕਰਦੀ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।