ਪੰਜਾਬ ਦੇ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ (File Photo ANI) ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 82.62 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.02 ਕਰੋੜ ਰੁਪਏ ਦੀ 16.10 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 58.89 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 15.51 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1164 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2713 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1702 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 570 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2470 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 145 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 12054 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 374299 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 56 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
Published by: Ashish Sharma
First published: January 27, 2022, 21:44 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।